ਨਵੰਬਰ 1984 ਦੌਰਾਨ ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਦੇਸ਼ ਭਰ ਵਿੱਚ ਵਾਪਰੇ ਭਿਆਨਕ ਸਿੱਖ ਕਤਲੇਆਮ ਨੂੰ 26 ਸਾਲ ਬੀਤ ਚੁੱਕੇ ਹਨ। ਇਸ ਘਟਨਾਕ੍ਰਮ ਨੂੰ ਅੱਜੇ ਤੱਕ ਦੰਗਿਆਂ ਵਜੋਂ ਹੀ ਦੇਖਿਆ ਗਿਆ ਹੈ, ਜਦਕਿ ਇਹ ਘਟਨਾਵਾਂ ਸਿੱਖਾਂ ਖਿਲਾਫ ਵਿੱਢੇ ਗਏ ਇੱਕ ਵੱਡੇ ਵਰਤਾਰੇ ਦਾ ਹਿੱਸਾ ਸਨ। ਇਨ੍ਹਾਂ ਘਟਨਾਵਾਂ ਦੀ ਤਹਿ ਹੇਠ ਬਹੁਤ ਕੁਝ ਅਜਿਹਾ ਲੁਕਿਆ ਹੋਇਆ ਹੈ ਜਿਸ ਨੂੰ ਅਜੇ ਤੱਕ ਖੋਜਿਆ ਨਹੀਂ ਗਿਆ। ਅਜਿਹੇ ਵਰਤਾਰਿਆਂ ਨੂੰ ਦੁਨੀਆਂ ਵਿੱਚ ‘ਨਸਲਕੁਸ਼ੀ’ ਦਾ ਨਾਂ ਦਿੱਤਾ ਜਾਂਦਾ ਹੈ। ਹੱਥਲੀ ਲਿਖਤ ਦੇ ਪਹਿਲੇ ਹਿੱਸੇ ਵਿੱਚ ‘ਨਸਲਕੁਸ਼ੀ’ ਅਤੇ ਇਸ ਨਾਲ ਜੁੜਵੇਂ ਕੌਮਾਂਤਰੀ ਕਾਨੂੰਨ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ ਹੈ। ਦੂਜੇ ਹਿੱਸੇ ਵਿੱਚ ਵਿਦਵਾਨ ਗ੍ਰੇਗਰੀ ਐਚ. ਸਟੈਨਟਨ ਦੀ ਖੋਜ ਦੇ ਅਧਾਰ ਉੱਤੇ ਵੰਡੇ ਗਏ ਨਸਲਕੁਸ਼ੀ ਦੇ ਵੱਖ-ਵੱਖ ਪੜਾਵਾਂ ਦਾ ਮੁਕਾਬਲਾ ਨਵੰਬਰ 1984 ਦੀਆਂ ਘਟਨਾਵਾਂ ਨਾਲ ਕੀਤਾ ਗਿਆ ਹੈ।