ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਮੰਡੀ ਬੋਰਡ ਤੇ ਗਮਾਡਾ ਵਿੱਚ ਤਾਇਨਾਤ ਰਹੇ ਮਸ਼ਹੂਰ ਨਿਗਰਾਨ ਇੰਜਨੀਅਰ ਸੁਰਿੰਦਰਪਾਲ ਸਿੰਘ ਪਹਿਲਵਾਨ ਖ਼ਿਲਾਫ਼ ਵਿਜੀਲੈਂਸ ਥਾਣਾ ਫ਼ੇਜ਼ 8, ਮੁਹਾਲੀ ਵਿੱਚ ਆਈ.ਪੀ.ਸੀ ਦੀ ਧਾਰਾ 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਅਧੀਨ ਇਕ ਹੋਰ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੰਜ. ਸੁਰਿੰਦਰਪਾਲ ’ਤੇ ਗਲਤ ਜਨਮ ਪ੍ਰਮਾਣ ਪੱਤਰ ਪੇਸ਼ ਕਰ ਕੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਪੰਜਾਬ ਮੰਡੀ ਬੋਰਡ, ਗਮਾਡਾ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਤੇ ਸਬੰਧਤ ਮੁਲਾਜ਼ਮਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇੰਜਨੀਅਰ ਸੁਰਿੰਦਰਪਾਲ ਸਿੰਘ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ।