ਤਰਨ ਤਾਰਨ (11 ਫਰਵਰੀ, 2016)ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ 13 ਫਰਵਰੀ ਨੂੰ ਹੋ ਰਹੀ ਉੱਪ ਚੋਣ ਸਬੰਧੀ ਅੱਜ ਸ਼ਾਮੀਂ ਚੋਣ ਪ੍ਰਚਾਰ ਬੰਦ ਹੋ ਗਿਆ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਦੀ ਪ੍ਰੀਕਿਰਿਆ ਖ਼ਤਮ ਹੋਣ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕਰਨਾ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਜੋ ਵਿਅਕਤੀ ਹਲਕੇ ਵਿੱਚ ਰਿਹਾਇਸ਼ ਨਹੀਂ ਰੱਖਦੇ, ਉਨ੍ਹਾਂ ਨੂੰ ਵੀ ਤੁਰੰਤ ਹਲਕੇ ਤੋਂ ਬਾਹਰ ਜਾਣ ਦੀ ਹਦਾਇਤ ਕੀਤੀ ਗਈ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ 1951 ਅਧੀਨ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀ.ਕੇ. ਸਿੰਘ ਨੇ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਨੂੰ ਵੋਟ ਪਾਉਣ ਸਮੇਂ ਪੋਲਿੰਗ ਸਟੇਸ਼ਨਾਂ ’ਤੇ ਫੋਟੋ ਪਛਾਣ ਪੱਤਰ ਲਿਜਾਣ ਲਈ ਕਿਹਾ ਹੈ। ਚੋਣ ਸਬੰਧੀ ਚੋਣ ਸਟਾਫ਼ ਨੂੰ ਅਧਿਕਾਰਤ ਫੋਟੋ ਵੋਟਰ ਪਰਚੀਆਂ ਚੋਣ ਦੀ ਮਿਤੀ ਤੋਂ ਪਹਿਲਾਂ ਵੋਟਰਾਂ/ਚੋਣਕਾਰਾਂ ਨੂੰ ਵੰਡਣ ਲਈ ਕਿਹਾ ਹੈ।
ਸ੍ਰੀ ਸਿੰਘ ਨੇ ਕਿਹਾ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ ਨਹੀਂ ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰ/ਸੂਬਾ ਸਰਕਾਰਾਂ/ ਜਨਤਕ ਖੇਤਰ ਦੇ ਅਦਾਰਿਆਂ ਜਾਂ ਲਿਮਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਛਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਆਰਜੀਆਈ ਵੱਲੋਂ ਐਨਪੀਆਰ. ਤਹਿਤ ਜਾਰੀ ਸਮਾਰਟ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼, ਚੋਣ ਮਸ਼ੀਨਰੀ ਦੁਆਰਾ ਜਾਰੀ ਅਧਿਕਾਰਤ ਵੋਟਰ ਸਲਿੱਪ ਜਾਂ ਸੰਸਦ ਮੈਂਬਰਾਂ, ਵਿਧਾਨ ਸਭਾ ਮੈਂਬਰਾਂ ਜਾਂ ਮਿਊਂਸਪਲ ਕੌਂਸਲਰਾਂ ਨੂੰ ਜਾਰੀ ਅਧਿਕਾਰਤ ਪਛਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।