ਸ੍ਰੀ ਆਨੰਦਪੁਰ ਸਾਹਿਬ: ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁੱਜਿਆ। ਜਥੇ ਦੇ ਮੈਂਬਰਾਂ ਨੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਲਗਪਗ ਅੱਠ ਸਾਲਾਂ ਬਾਅਦ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਇੱਥੇ ਆਮਦ ਹੋਈ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇ ਦਾ ਸਵਾਗਤ ਕੀਤਾ ਗਿਆ ਅਤੇ ਸ਼ਰਧਾਲੂਆਂ ਨੂੰ ਸਨਮਾਨਿਤ ਕੀਤਾ ਗਿਆ।

ਜਥੇ ਦੇ ਮੈਂਬਰਾਂ ਨੇ ਦੱਸਿਆ ਕਿ ਆਪਣੀ ਧਾਰਮਿਕ ਯਾਤਰਾ ਦੌਰਾਨ ਉਹ ਦਿੱਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ ਹੇਮਕੁੰਟ ਸਾਹਿਬ ਅਤੇ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਹ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁੱਜੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਕਾਰਜਕਾਰਨੀ ਮੈਂਬਰ ਦਲਜੀਤ ਸਿੰਘ ਭਿੰਡਰ ਨੇ ਸ਼ਰਧਾਲੂਆਂ ਦਾ ਸਵਾਗਤ ਕੀਤਾ।
ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਨੇ ਕਿਹਾ ਕਿ ਇਤਿਹਾਸਕ ਗੁਰਧਾਮ ਦੋਵਾਂ ਦੇਸ਼ਾਂ ਦੀ ਸੰਗਤ ਨੂੰ ਆਪਸ ਵਿੱਚ ਜੋੜਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਵੀਜ਼ਾ ਪ੍ਰਕਿਰਿਆ ਨੂੰ ਹੋਰ ਸੌਖਾ ਬਣਾਇਆ ਜਾਵੇ।
ਇਸ ਮੌਕੇ ਜਥੇ ਦੇ ਮੈਂਬਰਾਂ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਸੰਗਤ ਨੂੰ ਪਾਕਿਸਤਾਨ ਆਉਣ ਦਾ ਸੱਦਾ ਵੀ ਦਿੱਤਾ। ਜਥੇ ਵਿੱਚ ਸਾਹਿਬ ਸੁਜਾਨ ਸਿੰਘ, ਸਰਬੱਤ ਸਿੰਘ, ਭੁਪਿੰਦਰ ਸਿੰਘ, ਹਰਜੀਤ ਸਿੰਘ, ਪ੍ਰੀਤਮ ਸਿੰਘ, ਅਮਰਜੀਤ ਸਿੰਘ, ਹਰਭਜਨ ਸਿੰਘ, ਮਹਿੰਦਰ ਸਿੰਘ, ਇੰਦਰਜੀਤ ਸਿੰਘ, ਦਲਵਿੰਦਰ ਸਿੰਘ, ਜਸਵੰਤ ਸਿੰਘ, ਜਸਬੀਰ ਸਿੰਘ, ਸਤਬੀਰ ਸਿੰਘ, ਸੁਰਬੀਰ ਸਿੰਘ ਅਤੇ ਜੋਗਿੰਦਰ ਸਿੰਘ ਸਮੇਤ ਹੋਰ ਸ਼ਰਧਾਲੂ ਸ਼ਾਮਲ ਸਨ।