
ਚੰਡੀਗੜ੍ਹ (9 ਸਤੰਬਰ, 2014): ਪੰਜਾਬ ਦੇ ਉੱਪ ਮੁੱਖ ਮੰਤਰੀ, ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਪ੍ਰੈਸ ਨਾਲ ਮੁਲਾਕਾਤ ਦੌਰਾਨ ਦਾਅਵਾ ਕੀਤਾ ਕਿ ਪੰਜ ਕਾਂਗਰਸੀ ਵਿਧਾਇਕ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। ਉਨ੍ਹਾਂ ਦੇ ਕੇਸਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਉਚਿਤ ਸਮੇਂ ਉਨਾਂ ਨੂੰ ਬਾਦਲ ਦਲ ਵਿੱਚ ਸ਼ਾਮਲ ਕੀਤਾ ਜਾਵੇਗਾ।
ਉਨ੍ਹਾਂ ਨੇ ਤਲਵੰਡੀ ਸਾਬੋ ਤੋਂ ਜ਼ਿਮਨੀ ਚੋਣ ਜਿੱਤੇ ਵਿਧਾਇਕ ਜੀਤਮਹਿੰਦਰ ਸਿੰਘ ਦੇ ਸੰਹੁ ਚੁੱਕ ਸਮਾਗਮ ਸਮੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਾਅਵਾ ਕੀਤਾ ਹੈ ਕਿ ਅਕਤੂਬਰ ਮਹੀਨੇ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਜਿੱਤਕੇ ਸ਼੍ਰੋਮਣੀ ਅਕਾਲੀ ਦਲ ਤੇ ਇੰਡੀਅਨ ਨੈਸ਼ਨਲ ਲੋਕ ਦਲ ਮਿਲਕੇ ਨਵੀਂ ਸਰਕਾਰ ਬਣਾਉਣਗੇ।
ਬਾਦਲ ਦਲ 2-3 ਦਿਨਾਂ ‘ਚ ਅੰਬਾਲਾ ਸ਼ਹਿਰ ਅਤੇ ਕਾਲਾਂਵਾਲੀ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਵੇਗਾ।
ਹਰਿਆਣਾ ਵਿਧਾਨ ਸਭਾ ਚੋਣਾ ਵਿੱਵ ਭਾਜਪਾ ਦੇ ਉਲਟ ਚੌਟਾਲਿਆਂ ਦੀ ਪਾਰਟੀ ਇਨੈਲੋ ਨਾਲ ਰਲ ਕੇ ਚੋਣਾਂ ਲੜਨ ਦੇ ਮੁੱਦੇ ‘ਤੇ ਬਾਦਲ ਦਲ-ਭਾਜਪਾ ਦੇ ਰਿਸ਼ਤਿਆਂ ਵਿੱਚ ਤਣਾਉ ਸਬੰਧੀ ਪੁੱਛੇ ਸਵਾਲ ਦੇ ਜਬਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਅਕਾਲੀ ਭਾਜਪਾ ਗਠਜੋੜ ਵਿਚ ਕੋਈ ਖਿਚਾਓ ਨਹੀਂ ਹੈ। ਦੋਵੇਂ ਪਾਰਟੀਆਂ ਪੰਜਾਬ ਵਿਚ ਨਗਰ ਨਿਗਮਾਂ ਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਮਿਲ ਕੇ ਲੜਨਗੀਆਂ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦਾਅਵਾ ਕੀਤਾ ਕਿ ਸਾਡੀ ਪਾਰਟੀ ਦਾ ਹੁਣ ਵੀ ਸਾਫ਼ ਸਟੈਂਡ ਹੈ ਕਿ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਨੂੰ ਹਰਾਇਆ ਜਾਏ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਹਰਿਆਣਾ ਵਿਚ ਭਾਜਪਾ ਬਾਰੇ ਉਨ੍ਹਾਂ ਦੀ ਕੀ ਨੀਤੀ ਹੋਵੇਗੀ ਤਾਂ ਮੁਸਕਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਚੋਣਾਂ ਵਿਚ ਬੀ.ਜੇ.ਪੀ. ਬਾਰੇ ਚੁੱਪ ਰਹਾਂਗੇ, ਸਾਡਾ ਮੰਤਵ ਤਾਂ ਕਾਂਗਰਸ ਨੂੰ ਹਰਾਉਣਾ ਹੈ। ਉਨ੍ਹਾਂ ਵਿਚਾਰ ਪ੍ਰਗਟਾ ਕੀਤਾ ਕਿ ਸਾਡਾ ਇਨੈਲੋ ਨਾਲ ਪਿਛਲੇ 20-25 ਸਾਲ ਤੋਂ ਸਮਝੌਤਾ ਹੈ। ਸਾਡੀ ਲੜਾਈ ਬੀ.ਜੀ.ਪੀ. ਨਾਲ ਨਹੀਂ ਕਾਂਗਰਸ ਨਾਲ ਹੈ।
ਉਨ੍ਹਾਂ ਕਿਹਾ ਕਿ ਬਾਦਲ ਦਲ ਨੂੰ 1996 ਦੀ ਮੋਗਾ ਕਾਨਫਰੰਸ ਤੋਂ ਬਾਅਦ ਪੰਜਾਬੀ ਪਾਰਟੀ ਦੀ ਸ਼ਕਲ ਦੇ ਦਿੱਤੀ ਗਈ ਹੈ, ਜਿਸ ਅਨੁਸਾਰ ਹਿੰਦੂਆਂ ਤੇ ਦੂਸਰੇ ਭਾਈਚਾਰੇ ਦੇ ਲੋਕਾਂ ਨੂੰ ਪਾਰਟੀ ਵਿਚ ਮਹੱਤਵਪੂਰਨ ਅਹੁਦੇ ਦਿੱਤੇ ਗਏ ਹਨ।