ਚੰਡੀਗੜ: ਜੰਮੂ ਕਸ਼ਮੀਰ ਦੇ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚੋਂ ਪੰਜਾਬੀ ਹਟਾਉਣ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਆਲ ਪਾਰਟੀ ਸਿੱਖ ਕੋਆਰਡੀਨੇਸ਼ਨ ਕਮੇਟੀ (ਏਪੀਐਸਸੀਸੀ) ਨੇ ਸਰਕਾਰ ਦੇ ਇਸ ਕਦਮ ਨੂੰ ਜੰਮੂ ਕਸ਼ਮੀਰ ਦੇ ਪੰਜਾਬੀ ਬੋਲਣ ਵਾਲੇ ਲੋਕਾਂ ਦੇ ਅਧਿਕਾਰਾਂ ’ਤੇ ਡਾਕਾ ਕਰਾਰ ਦਿੱਤਾ ਹੈ।
ਏਪੀਐਸਸੀਸੀ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਇਹ ਫ਼ੈਸਲਾ ਵਾਪਸ ਨਾ ਲਿਆ ਤਾਂ ਸਾਰੇ ਸੂਬੇ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਕਮੇਟੀ ਦੇ ਚੇਅਰਮੈਨ ਜਗਮੋਹਨ ਸਿੰਘ ਰੈਣਾ ਨੇ ਆਖਿਆ ਕਿ ਪੰਜਾਬੀ ਇਸ ਸੂਬੇ ਦੀਆਂ ਸਭ ਤੋਂ ਪੁਰਾਣੀਆਂ ਭਾਸ਼ਾਵਾਂ ਵਿੱਚੋਂ ਇੱਕ ਹੈ ਤੇ ਇਸ ਨੂੰ ਸੂਬੇ ਦੇ ਸਕੂਲਾਂ ਵਿੱਚੋਂ ਹਟਾਉਣਾ ਮੰਦਭਾਗੀ ਗੱਲ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਾਰੀ ਸਰਕੂਲਰ ਤਹਿਤ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣੀ ਬੰਦ ਕਰ ਦਿੱਤੀ ਗਈ ਹੈ ਤੇ ਹੋਰ ਭਾਸ਼ਾਵਾਂ ਪੜ੍ਹਾਉਣੀਆਂ ਲਾਜ਼ਮੀ ਕੀਤੀਆਂ ਗਈਆਂ ਹਨ।
ਇਸ ਸੂਬੇ ਵਿੱਚ ਰਹਿੰਦੇ ਪੰਜਾਬੀ ਬੋਲੀ ਦੇ ਹਮੈਤੀਆਂ ਵੱਲੋਂ ਭਲਕੇ ਸ੍ਰੀਨਗਰ ਵਿੱਚ ਇਸ ਫ਼ੈਸਲੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।