ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਵਿੱਚ ਪ੍ਰਕਾਸ਼ ਸਿੰਘ ਬਾਦਲ ਸਰਕਾਰ ਅਤੇ ਕੇਂਦਰ ਵਿੱਚ ਨਰਿੰਦਰ ਮੋਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਫਸਲੀ ਬੀਮਾ ਯੋਜਨਾ ਤੋਂ ਦੂਰ ਕਰਕੇ ‘ਭਗਵਾਨ ਭਰੋਸੇ’ ਛੱਡ ਦਿੱਤਾ ਹੈ।
ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੂੰ ਰੱਦ ਕਰਕੇ ਆਪਣੀ ਜ਼ਿੰਮੇਦਾਰੀ ਤੋਂ ਪੱਲਾ ਨਹੀਂ ਝਾੜ ਸਕਦੇ ਬਾਦਲ : ਸੁਖਪਾਲ ਸਿੰਘ ਖਹਿਰਾ, ਕੰਵਰ ਸੰਧੂ
ਮੰਗਲਵਾਰ ਨੂੰ ‘ਆਪ’ ਵਲੋਂ ਜਾਰੀ ਇਕ ਸਾਂਝੇ ਪ੍ਰੈਸ ਬਿਆਨ ਵਿੱਚ ਪਾਰਟੀ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਅਤੇ ਚੋਣ ਐਲਾਨਨਾਮਾ ਟੀਮ ਦੇ ਮੁੱਖੀ ਕੰਵਰ ਸੰਧੂ ਨੇ ਕਿਹਾ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ’ ਨੂੰ ਰੱਦ ਕਰਕੇ ਰਾਜ ਦੇ ਕਿਸਾਨਾਂ ਪ੍ਰਤੀ ਬਣਦੀ ਆਪਣੀ ਜ਼ਿੰਮੇਦਾਰੀ ਤੋਂ ਪੱਲ੍ਹਾ ਨਹੀਂ ਝਾੜ ਸਕਦੇ। ‘ਆਪ’ ਆਗੂਆਂ ਨੇ ਕਿਹਾ ਜਦੋਂ ਪ੍ਰਧਾਨ ਮੰਤਰੀ ਫਸਲੀ ਬੀਮਾ ਯੋਜਨਾ ਪੰਜਾਬ ਦੇ ਕਿਸਾਨਾਂ ਲਈ ਸਹੀ ਨਹੀਂ ਹੈ ਤਾਂ ਕੇਂਦਰ ਸਰਕਾਰ ਦਾ ਅਟੁੱਟ ਹਿੱਸਾ ਹੋਣ ਦੇ ਬਾਵਜੂਦ ਬਾਦਲਾਂ ਨੇ ਇਸ ਨਕਾਰੀ ਹੋਈ ਯੋਜਨਾ ਉੱਤੇ ਕੇਂਦਰ ਸਰਕਾਰ ਦੀ ਮੋਹਰ ਕਿਉਂ ਲੱਗਣ ਦਿੱਤੀ? ਕੀ ਬਾਦਲ ਪਰਿਵਾਰ ਦੀ ਨੂੰਹ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਉਦੋਂ ਸੋ ਰਹੀ ਸੀ? ਇਸ ਨਕਾਰੀ ਫਸਲੀ ਬੀਮਾ ਯੋਜਨਾ ਨੂੰ ਪੰਜਾਬ ਦੇ ਕਿਸਾਨ ਹਿਤੈਸ਼ੀ ਬਣਵਾਉਣ ਲਈ ਕੀ ਅਕਾਲੀ ਦਲ ਨੂੰ ਦਬਾਅ ਦੀ ਨੀਤੀ ਨਹੀਂ ਅਪਣਾਉਣੀ ਚਾਹੀਦੀ ਸੀ?

ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੇ ਕਿਹਾ ਕਿ ਜੇਕਰ ਪ੍ਰਕਾਸ਼ ਸਿੰਘ ਬਾਦਲ ਅਤੇ ਕੇਬਿਨੈਟ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਿਲ ਵਿੱਚ ਪੰਜਾਬ ਦੇ ਕਿਸਾਨਾਂ ਦੇ ਪ੍ਰਤੀ ਦਰਦ ਹੁੰਦਾ ਤਾਂ ਇਹ ਕੇਂਦਰ ਦੀ ਅਕਾਲੀ-ਭਾਜਪਾ ਗਠਜੋੜ ਸਰਕਾਰ ਨੂੰ ਚੇਤਾਵਨੀ ਦੇ ਕੇ ਜਾਂ ਤਾਂ ਪੰਜਾਬ ਦੇ ਕਿਸਾਨਾਂ ਦੇ ਅਨੁਕੂਲ ਫਸਲੀ ਬੀਮਾ ਯੋਜਨਾ ਲਾਗੂ ਕਰਵਾਉਂਦੇ ਅਤੇ ਜਾਂ ਫਿਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨਾਲ ਸੰਬੰਧ ਤੋੜਕੇ ਆਪਣੇ ਲੋਕਾਂ ਲਈ ਜ਼ਿੰਮੇਦਾਰ ਵਿਰੋਧੀ ਪੱਖ ਦੀ ਭੂਮਿਕਾ ਨਿਭਾਉਂਦੇ। ‘ਆਪ’ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਕਿਸਾਨਾਂ ਨੂੰ ਸਪੱਸ਼ਟ ਕਰਨ ਕਿ ਪੰਜਾਬ ਸਰਕਾਰ ਕੇਂਦਰ ਦੀ ਪ੍ਰਧਾਨ ਮੰਤਰੀ ਫਸਲੀ ਬੀਮਾ ਯੋਜਨਾ ਨੂੰ ਨਾ ਅਪਣਾ ਕੇ ਇਸਦੀ ਥਾਂ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਨਾਫ਼ਾ ਦੇਣ ਲਈ ਕਿਹੜੀ ਯੋਜਨਾ ਲਾਗੂ ਕਰਣ ਜਾ ਰਹੀ ਹੈ ?
ਖਹਿਰਾ ਅਤੇ ਸੰਧੂ ਨੇ ਦੱਸਿਆ ਕਿ ਪੰਜ ਵਾਰ ਮੁੱਖ ਮੰਤਰੀ ਬਣ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸੇਧ ਲੈਣੀ ਚਾਹੀਦੀ ਹੈ। ਦਿੱਲੀ ਵਿੱਚ ਕੁਦਰਤੀ ਆਫਤ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ ਵੀਹ ਹਜ਼ਾਰ ਰੁਪਏ ਦਾ ਮੁਆਵਜ਼ਾ ਜਾਰੀ ਕੀਤਾ ਗਿਆ ਸੀ।