ਮਹਿਤਪੁਰ (ਜਲੰਧਰ): ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ‘ਚ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਬਾਅਦ ਇੱਕ ਮਹੀਨੇ ਦੇ ਅੰਦਰ-ਅੰਦਰ ਨਸ਼ੇ ਦੀ ਸਪਲਾਈ ਨੂੰ ਰੋਕ ਕੇ ਪੰਜਾਬ ਨੂੰ ਨਸ਼ਾ-ਮੁਕਤ ਬਣਾ ਦਿੱਤਾ ਜਾਵੇਗਾ।
ਆਪਣੇ ਪੰਜਾਬ ਦੌਰੇ ਦੇ 6ਵੇਂ ਦਿਨ “ਡੋਡਿਆਂ ਵਾਲਾ ਬਾਬਾ” ਨਾਂਅ ਨਾਲ ਮਸ਼ਹੂਰ ਕੈਬਿਨੇਟ ਮੰਤਰੀ ਅਜੀਤ ਸਿੰਘ ਕੋਹਾੜ ਦੇ ਹਲਕੇ ਵਿੱਚ ਪੰਜਾਬ ਇਨਕਲਾਬ ਰੈਲੀ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਅਕਾਲੀਆਂ ਨੇ ਪੰਜਾਬ ਨੂੰ ਨਸ਼ੇ ਦਾ ਗੜ੍ਹ ਬਣਾ ਕੇ ਬਰਬਾਦ ਕਰ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਗਠਨ ਤੋਂ ਬਾਅਦ ਇਸ ਨੂੰ ਇੱਕ ਚੁਣੌਤੀ ਵਜੋਂ ਲੈਂਦਿਆਂ ਇੱਕ ਮਹੀਨੇ ਦੇ ਅੰਦਰ ਖਤਮ ਕਰ ਦੇਵੇਗੀ।

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ 40 ਲੱਖ ਤੋਂ ਜ਼ਿਆਦਾ ਨੌਜਵਾਨ ਅਕਾਲੀਆਂ ਵੱਲੋਂ ਫੈਲਾਏ ਨਸ਼ਿਆਂ ਦੀ ਗ੍ਰਿਫਤ ਵਿੱਚ ਹਨ ਅਤੇ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਜੰਗੀ ਪੱਧਰ ਉਤੇ 6 ਮਹੀਨੇ ਅੰਦਰ ਨਸ਼ਾ-ਮੁਕਤੀ ਕੇਂਦਰ ਖੋਲ੍ਹੇ ਜਾਣਗੇ ਅਤੇ ਇਸਦੇ ਨਾਲ ਹੀ ਨੌਜਵਾਨਾਂ ਨੂੰ ਰੋਜ਼ਗਾਰ ਵੀ ਮੁਹੱਈਆ ਕਰਵਾਇਆ ਜਾਵੇਗਾ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਵੱਲੋਂ ਫੋਕੇ ਦਾਅਵੇ ਕੀਤੇ ਜਾ ਰਹੇ ਹਨ ਕਿ ਉਹ ਨਸ਼ਿਆਂ ਖਿਲਾਫ ਕਾਰਵਾਈ ਕਰਨਗੇ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਕੇਂਦਰ ਵਿੱਚ ਡਾ. ਮਨਮੋਹਨ ਸਿੰਘ ਦੀ ਸਰਕਾਰ ਸੀ ਅਤੇ ਪੰਜਾਬ ਵਿੱਚ ਅਕਾਲੀਆਂ ਦੀ ਸਰਕਾਰ ਸੀ, ਤਾਂ ਉਸ ਵੇਲੇ ਕਾਂਗਰਸ ਨੇ ਪੰਜਾਬ ਦੇ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ, ਜੋ ਕਿ ਪੰਜਾਬ ਵਿੱਚ ਬਹੁ-ਕਰੋੜੀ ਡਰੱਗ ਰੈਕੇਟ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਬਿਕਰਮ ਸਿੰਘ ਮਜੀਠੀਆ ਦੀ ਸੀਬੀਆਈ ਜਾਂਚ ਦਾ ਵਿਰੋਧ ਕੀਤਾ ਸੀ, ਜਦਕਿ ਉਨ੍ਹਾਂ ਦੀ ਪਾਰਟੀ ਮਜੀਠੀਆ ਖਿਲਾਫ ਕਾਰਵਾਈ ਦੀ ਮੰਗ ਕਰ ਰਹੀ ਸੀ।

ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਪਿਛਲੇ 15 ਸਾਲ ਵਿੱਚ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ ਅਤੇ ਹੁਣ ਇਨ੍ਹਾਂ ਕੋਲੋਂ ਛੁਟਕਾਰਾ ਪਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਮੇਂ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ।
ਕੇਜਰੀਵਾਲ ਨੇ ਕਿਹਾ ਕਿ ਅਕਾਲੀਆਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਸਪੱਸ਼ਟ ਨਜ਼ਰ ਆ ਰਹੀ ਹੈ, ਇਸ ਕਾਰਨ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਸਮਝੌਤਾ ਕਰ ਲਿਆ ਹੈ ਅਤੇ ਹੁਣ ਉਨ੍ਹਾਂ ਵੱਲੋਂ ਇਹ ਚੋਣਾਂ ਮਿਲ ਕੇ ਲੜੀਆਂ ਜਾ ਰਹੀਆਂ ਹਨ। ਕੇਜਰੀਵਾਲ ਨੇ ਕਿਹਾ, “ਮੈਂ ਸੁਣਿਆ ਹੈ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਆਦਾਤਰ ਹੋਰਡਿੰਗ ਬਾਦਲ ਵੱਲੋਂ ਲਗਵਾਏ ਜਾ ਰਹੇ ਹਨ।”
ਕੇਜਰੀਵਾਲ ਨੇ ਕਿਹਾ ਕਿ ਉਹ ਜਿੱਥੇ ਕਿਤੇ ਵੀ ਜਾਂਦੇ ਹਨ, ਬਾਦਲਾਂ ਅਤੇ ਕੈਪਟਨ ਨੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵਿਖਾਏ ਜਾਣ ਲਈ ਵੀ ਹੱਥ ਮਿਲਾ ਲਿਆ ਹੈ, ਜਦਕਿ ਅਕਾਲੀਆਂ ਅਤੇ ਕਾਂਗਰਸੀਆਂ ਵੱਲੋਂ ਇੱਕ-ਦੂਜੇ ਨੂੰ ਕਾਲੀਆਂ ਝੰਡੀਆਂ ਨਹੀਂ ਵਿਖਾਈਆਂ ਜਾਂਦੀਆਂ।
ਪੰਜਾਬ ਵਿੱਚ ਦਲਿਤਾਂ ਉਤੇ ਵਧਦੇ ਜ਼ੁਲਮਾਂ ਖਿਲਾਫ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕਈ ਨੌਜਵਾਨਾਂ ਦੀ ਬਹੁਤ ਹੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਹੈ ਅਤੇ ਇਨ੍ਹਾਂ ਵਾਰਦਾਤਾਂ ਨੂੰ ਸ਼ਰਾਬ ਮਾਫੀਆ ਨੇ ਅੰਜਾਮ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਜਿਹੇ ਕੇਸ ਮੁੜ ਤੋਂ ਖੋਲ੍ਹੇ ਜਾਣਗੇ ਅਤੇ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਜਾਵੇਗਾ, ਤਾਂ ਜੋ ਦਲਿਤਾਂ ਉਪਰ ਜ਼ੁਲਮ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾ ਸਕਣ।
ਕੇਜਰੀਵਾਲ ਨੇ ਕਿਹਾ ਕਿ ਜਿਹੜੇ ਰੇਤਾ-ਬਜਰੀ ਦੇ ਠੇਕੇ ਅਤੇ ਬੱਸਾਂ ਦੇ ਪਰਮਿਟ ਬਾਦਲਾਂ ਨੇ ਸੱਤਾ ਦੇ ਜ਼ੋਰ ਉਤੇ ਹਾਸਿਲ ਕੀਤੇ ਹਨ, ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਮਗਰੋਂ ਉਹ ਵਾਪਿਸ ਲੈ ਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਦਿੱਤੇ ਜਾਣਗੇ।
ਉਨਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ ਕੈਂਸਰ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਸਰਕਾਰੀ ਸਕੂਲਾਂ ਦਾ ਪੱਧਰ ਨਿਜੀ ਸਕੂਲਾਂ ਦੇ ਬਰਾਬਰ ਲਿਆਂਦਾ ਜਾਵੇਗਾ, ਤਾਂ ਕਿ ਗਰੀਬ ਲੋਕਾਂ ਦੇ ਬੱਚਿਆਂ ਨੂੰ ਵੀ ਚੰਗੀ ਸਿੱਖਿਆ ਮਿਲ ਸਕੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਠਿੰਡਾ ਦੌਰੇ ਬਾਰੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਮੋਦੀ ਨੇ ਪੰਜਾਬ ਲਈ ਕਿਸੇ ਵੱਡੇ ਪ੍ਰੋਜੈਕਟ ਜਾਂ ਪੈਕੇਜ ਦਾ ਐਲਾਨ ਨਹੀਂ ਕੀਤਾ, ਜਦੋਂ ਕਿ ਬਿਹਾਰ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਬਹੁ-ਕਰੋੜੀ ਪੈਕੇਜ ਦਾ ਐਲਾਨ ਕੀਤਾ ਸੀ।
ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਦੇ ਸਹਿ-ਇੰਚਾਰਜ ਜਰਨੈਲ ਸਿੰਘ, ਸੀਨੀਅਰ ਆਗੂ ਐਚਐਸ ਫੂਲਕਾ, ਸ਼ਾਹਕੋਟ ਤੋਂ ਪਾਰਟੀ ਉਮੀਦਵਾਰ ਡਾ. ਅਮਰਜੀਤ ਸਿੰਘ ਥਿੰਦ, ਨਕੋਰਦ ਤੋਂ ਉਮੀਦਵਾਰ ਜਗਤਾਰ ਸਿੰਘ ਸੰਘੇੜਾ, ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਸੱਜਣ ਸਿੰਘ ਚੀਮਾ ਵੀ ਮੌਜੂਦ ਸਨ।