ਫ਼ਰੀਦਕੋਟ (4 ਸਤੰਬਰ 2014): ਫਰੀਦਕੋਟ ਦੀ ਇੱਕ ਸਥਾਨਕ ਅਦਾਲਤ ਨੇ ਬਾਬਾ ਬਲਜੀਤ ਸਿੰਘ ਦਾਦੂਵਾਲ ਦੀ ਅਰਜ਼ੀ ‘ਤੇ ਪੰਜਾਬ ਸਰਕਾਰ ਨੂੰ 11 ਸਤੰਬਰ ਲਈ ਨੋਟਿਸ ਜਾਰੀ ਕੀਤਾ ਹੈ। ਉਸ ਦਿਨ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਹੋਵੇਗੀ। ਬਾਬਾ ਦਾਦੂਵਾਲ ਦੇ ਦੋ ਸਾਥੀਆਂ ਨੂੰ ਵੀ ਉਨ੍ਹਾਂ ਨਾਲ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਹੇਠ ਜੇਲ੍ਹ ਵਿੱਚ ਹਨ ਅਤੇ ਉਨ੍ਹਾਂ ਦੀ ਜ਼ਮਾਨਤ ‘ਤੇ ਵੀ ਉਸੇ ਦਿਨ ਸੁਣਵਾਈ ਹੋਵੇਗੀ।
ਫ਼ਰੀਦਕੋਟ ਪੁਲੀਸ ਵੱਲੋਂ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਇੱਥੋਂ ਦੇ ਵਧੀਕ ਸੈਸ਼ਨ ਜੱਜ ਕਰਨੈਲ ਸਿੰਘ ਦੀ ਅਦਾਲਤ ਵਿੱਚ ਅਰਜ਼ੀ ਲਾ ਕੇ ਜ਼ਮਾਨਤ ਦੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਜੈਤੋ ਪੁਲੀਸ ਨੇ 20 ਅਗਸਤ ਨੂੰ ਬਾਬਾ ਬਲਜੀਤ ਸਿੰਘ ਦਾਦੂਵਾਲ ਖ਼ਿਲਾਫ਼ ਅੱਠ ਰਿਵਾਲਵਰ, ਇੱਕ ਰਾਈਫਲ ਅਤੇ ਕਾਰਤੂਸ ਰੱਖਣ ਦੇ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਸੀ। ਬਾਅਦ ਵਿੱਚ ਬਾਬਾ ਦਾਦੂਵਾਲ ਦੇ ਵਕੀਲ ਕੁਲਇੰਦਰ ਸਿੰਘ ਸੇਖੋਂ ਨੇ ਅਦਾਲਤ ਵਿੱਚ ਦਾਅਵਾ ਕੀਤਾ ਸੀ ਕਿ ਪੁਲੀਸ ਜਿਹੜਾ ਅਸਲਾ ਨਾਜਾਇਜ਼ ਹੋਣ ਦਾ ਦਾਅਵਾ ਕਰ ਰਹੀ ਹੈ, ਅਸਲ ਵਿੱਚ ਉਹ ਲਾਇਸੈਂਸੀ ਹੈ।
ਪੁਲੀਸ ਨੇ ਬਾਬਾ ਦਾਦੂਵਾਲ ਕੋਲ ਏ.ਕੇ. 47 ਰਾਈਫਲ ਹੋਣ ਦਾ ਵੀ ਦਾਅਵਾ ਕੀਤਾ ਸੀ ਪ੍ਰੰਤੂ ਪੁਲੀਸ ਰਿਮਾਂਡ ਦੌਰਾਨ ਉਨ੍ਹਾਂ ਕੋਲੋਂ ਨਾਜਾਇਜ਼ ਅਸਲਾ ਨਹੀਂ ਮਿਲਿਆ। ਬਾਬਾ ਦਾਦੂਵਾਲ ਨੇ ਆਪਣੀ ਦਰਖ਼ਾਸਤ ਵਿੱਚ ਦੋਸ਼ ਲਾਇਆ ਹੈ ਕਿ ਪੁਲੀਸ ਨੇ ਸਿਆਸੀ ਸ਼ਹਿ ‘ਤੇ ਉਨ੍ਹਾਂ ਖਿਲਾਫ਼ ਝੂਠੇ ਪਰਚੇ ਦਰਜ ਕੀਤੇ ਹਨ।