ਬਠਿੰਡਾ: ਮੀਡੀਆ ਦੀਆਂ ਖ਼ਬਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਤਿ ਨੇੜਲੇ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੇ ਪੁੱਤਰ ਪਰਮਿੰਦਰ ਸਿੰਘ ‘ਤੇ ਬੀਤੇ ਕੱਲ੍ਹ (22 ਅਕਤੂਬਰ, 2017 ਦਿਨ ਐਤਵਾਰ) ਕੁਝ ਲੋਕਾਂ ਨੇ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਹਮਲੇ ਦੌਰਾਨ ਪਰਮਿੰਦਰ ਸਿੰਘ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਇਸ ਤੋਂ ਇਲਾਵਾ ਉਸ ਦੇ ਹੋਰ ਵੀ ਗੰਭੀਰ ਸੱਟਾਂ ਆਈਆਂ। ਉਸ ਨੂੰ ਬਠਿੰਡਾ ਦੇ ਮੈਕਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਦਿਆਲ ਸਿੰਘ ਕੋਲਿਆਂਵਾਲੀ ਨੇ ਦੱਸਿਆ ਕਿ ਉਸ ਨੇ ਆਪਣੇ ਪਰਿਵਾਰ ਨੂੰ ਖ਼ਤਰਾ ਦੱਸਦੇ ਹੋਏ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਢੁੱਕਵੀਂ ਸੁਰੱਖਿਆ ਮੁਹੱਈਆ ਕਰਵਾਉਣ ਲਈ ਕਿਹਾ ਸੀ, ਪਰ ਉਨ੍ਹਾਂ ਦੀ ਇਸ ਮੰਗ ਵੱਲ ਕਿਸੇ ਨੇ ਵੀ ਧਿਆਨ ਨਹੀਂ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਕਈ ਹੋਰ ਬਾਦਲ ਦਲ ਦੇ ਆਗੂ ਵੀ ਹਸਪਤਾਲ ਵਿਖੇ ਕੋਲਿਆਂਵਾਲੀ ਪਰਿਵਾਰ ਨਾਲ ਹਮਦਰਦੀ ਲਈ ਪਹੁੰਚ ਗਏ। ਇਹ ਹਮਲਾ ਮਲੋਟ ‘ਚ ਕੀਤਾ ਗਿਆ।