ਜਲੰਧਰ: ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ 80-90 ਦੇ ਦੌਰ ਵਿੱਚ 35 ਹਜ਼ਾਰ ਪੰਜਾਬੀਆਂ ਦੀ ਮੌਤ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਿੰਮੇਵਾਰ ਦੱਸਿਆ। ਕੈਪਟਨ ਨੇ ਬੁੱਧਵਾਰ ਜਲੰਧਰ ਦੇ ਤਿੰਨ ਹਲਕਿਆਂ ਨਕੋਦਰ, ਸ਼ਾਹਕੋਟ ਅਤੇ ਕਰਤਾਰਪੁਰ ਦੇ ਕਾਂਗਰਸੀ ਉਮੀਦਵਾਰਾਂ ਲਈ ਚੋਣ ਰੈਲੀਆਂ ਕੀਤੀਆਂ।

ਨਕੋਦਰ ਤੋਂ ਉਮੀਦਵਾਰ ਜਗਬੀਰ ਬਰਾੜ ਦੇ ਹੱਕ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਕਿ ਸੀ.ਆਈ.ਏ. ਵੱਲੋਂ ਜਾਰੀ ਰਿਪੋਰਟ ਤੋਂ ਸਾਬਤ ਹੋ ਗਿਆ ਹੈ ਕਿ ਅਕਾਲ ਤਖ਼ਤ ਸਾਹਿਬ ’ਤੇ ਹਮਲੇ ਤੋਂ ਬਾਅਦ ਫਿਰਕੂ ਭਾਵਨਾਵਾਂ ਭੜਕਾ ਕੇ ਪੰਜਾਬ ਦੇ ਹਾਲਾਤ ਵਿਗਾੜਨ ’ਚ ਸਭ ਤੋਂ ਵੱਡਾ ਰੋਲ ਬਾਦਲ ਦਾ ਸੀ। ਕੈਪਟਨ ਨੇ ਕਿਹਾ ਬਾਦਲਾਂ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਲੁੱਟਣ ਦੀ ਨੀਤ ਨਾਲ ਚੋਣਾਂ ਲੜ ਰਿਹਾ ਹੈ। ਪੋਲਿੰਗ ਬੂਥਾਂ ’ਤੇ ਡਿਊਟੀਆਂ ਦੇਣ ਲਈ 40 ਹਜ਼ਾਰ ਦੇ ਲਗਭਗ ‘ਆਪ’ ਸਮਰਥਕ ਬਾਹਰਲੇ ਸੂਬਿਆਂ ਤੋਂ ਆ ਰਹੇ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਕੇਜਰੀਵਾਲ ਨੂੰ ਪੰਜਾਬੀਆਂ ’ਤੇ ਭਰੋਸਾ ਨਹੀਂ ਹੈ। ਹਲਕਾ ਸ਼ਾਹਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਦੇ ਹੱਕ ਵਿੱਚ ਕਸਬਾ ਮਹਿਤਪੁਰ ਵਿੱਚ ਚੋਣ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਸਿਰਫ਼ ਅਕਾਲੀਆਂ ਤੇ ਭਾਜਪਾਈਆਂ ਦਾ ਹੀ ਵਿਕਾਸ ਹੋਇਆ ਹੈ ਤੇ ਪੰਜਾਬੀਆਂ ਦਾ ਵਿਨਾਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੀ ਬਾਦਲ ਦਲ ਤੇ ਭਾਜਪਾ ਵਾਂਗ ਹੀ ਪੰਜਾਬ ਨੂੰ ਲੁੱਟਣ ਦੀਆਂ ਵਿਉਂਤਾਂ ਬਣਾ ਰਹੀ ਹੈ।
ਉਨ੍ਹਾਂ ਨੇ ਐਲਾਨ ਕੀਤਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਪੰਜ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਦਿੱਤੀ ਜਾਵੇਗੀ ਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।