ਚੰਡੀਗੜ੍ਹ: ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿੱਚ ਵਿਵਾਦ ਦਾ ਕਾਰਨ ਬਣੇ ਆ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਨਵੇਂ ਨਾਮ ਦਾ ਐਲਾਨ ਹੋਣ ਦੀਆਂ ਸੰਭਾਵਨਾਵਾਂ ਨਜਰ ਆ ਰਹੀਆਂ ਹਨ।ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਰਾਹੁਲ ਗਾਂਧੀ ਨਾਲ ਦਿੱਲੀ ਵਿਖੇ ਮੁਲਾਕਾਤ ਕਰਨਗੇ।

ਪੰਜਾਬ ਦੀ ਕਾਂਗਰਸੀ ਲੀਡਰਸ਼ਿਪ ਲਈ ਹਾਈਕਮਾਂਡ ਵੱਲੋਂ ਬਣਾਏ ਗਏ ਫਾਰਮੂਲੇ ਤੇ ਸਹਿਮਤੀ ਬਣਦੀ ਨਜਰ ਆ ਰਹੀ ਹੈ।ਇਸ ਫਾਰਮੂਲੇ ਤਹਿਤ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣ ਦੇ ਨਾਲ ਅੰਬਿਕਾ ਸੋਨੀ ਨੂੰ ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦਾ ਚੇਅਰਮੈਨ ਅਤੇ ਸਾਬਕਾ ਮੰਤਰੀ ਲਾਲ ਸਿੰਘ ਨੂੰ ਕਾਂਗਰਸ ਵਿਧਾਇਕ ਦਲ ਦਾ ਨੇਤਾ ਬਣਾਏ ਜਾਣ ਦੀਆਂ ਖਬਰਾਂ ਹਨ।
ਸੂਤਰਾਂ ਤੋਂ ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਵਿਧਾਇਕਾਂ ਵੱਲੋਂ ਪਿਛਲੇ ਦਿਨੀਂ ਪਾਰਟੀ ਦੇ ਜਨਰਲ ਸਕੱਤਰ ਅਹਿਮਦ ਪਟੇਲ ਨਾਲ ਇਸ ਮਸਲੇ ਤੇ ਗੱਲਬਾਤ ਕੀਤੀ ਗਈ ਸੀ ਤੇ ਉਨ੍ਹਾਂ ਜਰੀਏ ਇਹ ਫਾਰਮੂਲਾ ਕਾਂਗਰਸ ਹਾਈਕਮਾਂਡ ਤੱਕ ਪਹੁੰਚਾ ਦਿੱਤਾ ਗਿਆ ਹੈ,ਜਿਸ ਤੇ ਫੈਂਸਲਾ ਹਾਈਕਮਾਂਡ ਹੀ ਕਰੇਗੀ।