ਚੰਡੀਗੜ੍ਹ (17 ਨਵੰਬਰ, 2015): ਫਰੀਦਕੋਟ ਜਿਲੇ ਦੇ ਪਿੰਡ ਬਰਗਾੜੀ ਵਿੱਚ ਵਾਪਰੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾਂ ਦੀ ਜਾਂਚ ਸੀਬੀਆਈ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਦੇ ਪਿੰਡ ਬਰਗਾੜੀ ਤੋਂ ਜੂਨ 2015 ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਗੁਰਦੁਆਰਾ ਸਾਹਿਬ ਵਿਚੋਂ ਹੋਈ ਚੋਰੀ ਅਤੇ ਉਸ ਤੋਂ ਬਾਅਦ ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਵਾਪਰੀ ਘਟਨਾ ਅਤੇ ਇਸ ਦੇ ਵਿਰੋਧ ਵਿਚ ਕੋਟਕਪੁਰਾ ਵਿਖੇ ਧਰਨੇ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੰਨਿਆਂ ਨੂੰ ਦੁਬਾਰਾ ਪੁਲਿਸ ਦੋਸ਼ ਅਨੁਸਾਰ ਗਾਇਬ ਕਰਨ ਦੀਆਂ ਘਟਨਾਵਾਂ ਵਿਚ ਦਰਜ 3 ਪੁਲਿਸ ਕੇਸਾਂ ਵਿਚ ਜਾਂਚ ਦਾ ਕੰਮ ਸੀ.ਬੀ.ਆਈ. ਵੱਲੋਂ ਆਪਣੇ ਹੱਥਾਂ ਵਿਚ ਲੈ ਲਿਆ ਗਿਆ ਅਤੇ ਇਸ ਸਬੰਧੀ ਸੀ.ਬੀ.ਆਈ. ਵੱਲੋਂ ਰੈਗੂਲਰ ਕੇਸ ਦਰਜ ਕਰਕੇ ਜਾਂਚ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ।

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਪੰਜਾਬ ਪੁਲਿਸ ਵੱਲੋਂ ਇਨ੍ਹਾਂ ਕੇਸਾਂ ਵਿਚ ਹੁਣ ਤੱਕ ਕੀਤੀ ਗਈ ਜਾਂਚ ਦਾ ਰਿਕਾਰਡ ਸੀ.ਬੀ.ਆਈ. ਹਵਾਲੇ ਕੀਤਾ ਜਾ ਰਿਹਾ ਹੈ ਅਤੇ ਸੀ.ਬੀ.ਆਈ. ਦੀ ਟੀਮ ਆਉਂਦੇ ਇੱਕ ਦੋ ਦਿਨਾਂ ਦੌਰਾਨ ਫ਼ਰੀਦਕੋਟ ਵਿਖੇ ਜਾ ਕੇ ਜਾਂਚ ਦਾ ਕੰਮ ਸ਼ੁਰੂ ਕਰੇਗੀ ।
ਬੁਲਾਰੇ ਨੇ ਕਿਹਾ ਕਿ ਪੰਜਾਬ ਪੁਲਿਸ ਸੀ.ਬੀ.ਆਈ. ਨੂੰ ਹਰ ਲੋੜੀਂਦੀ ਮਦਦ ਦੇਵੇਗੀ । ਵਰਨਣਯੋਗ ਹੈ ਕਿ ਬਾਜਾਖਾਨਾ ਪੁਲਿਸ ਸਟੇਸ਼ਨ ਵਿਖੇ 2 ਜੂਨ, 2015 ਨੂੰ ਬਰਗਾੜੀ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਸਬੰਧੀ ਐਫ.ਆਈ.ਆਰ. ਨੰਬਰ 63 ਦਰਜ ਕੀਤੀ ਗਈ ਸੀ, ਜਦੋਂਕਿ ਇਸ ਪਿੰਡ ਵਿਚ ਇਸ਼ਤਿਹਾਰ ਲਗਾਉਣ ਸਬੰਧੀ 25 ਸਤੰਬਰ, 2015 ਨੂੰ ਐਫ.ਆਈ.ਆਰ. ਨੰਬਰ 117 ਦਰਜ ਹੋਈ ਅਤੇ ਇਸ ਤੋਂ ਬਾਅਦ 12 ਅਕਤੂਬਰ, 2015 ਨੂੰ ਬਰਗਾੜੀ ਵਿਖੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੰਨੇ ਗੁਰਦੁਆਰਾ ਸਾਹਿਬ ਨੇੜੇ ਖਿਲਾਰੇ ਜਾਣ ਅਤੇ ਉਸ ਤੋਂ ਬਾਅਦ ਇਨ੍ਹਾਂ ਪੰਨਿਆਂ ਨੂੰ ਕਬਜ਼ੇ ਆਦਿ ਵਿਚ ਲੈਣ ਨੂੰ ਲੈ ਕੇ ਵਾਪਰੀਆਂ ਘਟਨਾਵਾਂ ਸਬੰਧੀ ਐਫ.ਆਈ.ਆਰ. ਨੰਬਰ 128 ਬਾਜਾਖਾਨਾ ਪੁਲਿਸ ਥਾਣਾ ਜ਼ਿਲ੍ਹਾ ਫ਼ਰੀਦਕੋਟ ਵਿਖੇ ਹੀ ਦਰਜ ਹੋਈ ਸੀ ।
ਸਿੱਖ ਜਥੇਬੰਦੀਆਂ ਵੱਲੋਂ ਉਕਤ ਮਾਮਲੇ ਵਿਚ ਨਿਰਪੱਖ ਜਾਂਚ ਦੀ ਮੰਗ ਨੂੰ ਮੁੱਖ ਰੱਖ ਕੇ ਪੰਜਾਬ ਸਰਕਾਰ ਵੱਲੋਂ 2 ਨਵੰਬਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਜਾਂਚ ਦਾ ਕੰਮ ਸੀ.ਬੀ.ਆਈ. ਹਵਾਲੇ ਕਰ ਦਿੱਤਾ ਸੀ ।