ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਅੱਜ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਵਿੱਚ ਵੀਹਵੀਂ ਸਦੀ ਦੌਰਾਨ ਸਿੱਖ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਮਹਾਨ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ, ਦਲ ਖ਼ਾਲਸਾ ਦੇ ਆਗੂ ਭਾਈ ਗਜਿੰਦਰ ਸਿੰਘ ਅਤੇ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੇ ਮਾਮਲਿਆਂ ਨੂੰ ਉਭਾਰਨ ਵਾਲੇ ਜਸਟਿਸ ਕੁਲਦੀਪ ਸਿੰਘ ਦੀਆਂ ਤਸਵੀਰਾਂ ਸ਼ਾਮਲ ਹਨ।

ਭਾਈ ਗੁਰਦੇਵ ਸਿੰਘ ਦੇਬੂ ਨੂੰ ਵੀਹਵੀਂ ਸਦੀ ਵਿੱਚ ਪੁਰਾਤਨ ਸਿੱਖ ਇਤਿਹਾਸ ਦੀਆਂ ਰਵਾਇਤਾਂ ਨੂੰ ਮੁੜ ਦੁਹਰਾਉਣ ਵਾਲੇ ਮਹਾਨ ਸ਼ਹੀਦ ਵਜੋਂ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀ ਗਈ।

ਇਸੇ ਤਰ੍ਹਾਂ ਦਲ ਖ਼ਾਲਸਾ ਦੇ ਆਗੂ ਭਾਈ ਗਜਿੰਦਰ ਸਿੰਘ ਦੀ ਤਸਵੀਰ ਵੀ ਅਜਾਇਬ ਘਰ ਵਿੱਚ ਲਗਾਈ ਗਈ। ਉਹ ਆਪਣੀ ਕਲਮ ਅਤੇ ਕਰਮ ਰਾਹੀਂ ਸਿੱਖ ਆਜ਼ਾਦੀ ਲਹਿਰ ਵਿੱਚ ਅਹਿਮ ਯੋਗਦਾਨ ਪਾਉਂਦੇ ਰਹੇ। ਜਲਾਵਤਨ ਜੀਵਨ ਬਤੀਤ ਕਰਦਿਆਂ ਵੀ ਉਹ ਖ਼ਾਲਿਸਤਾਨ ਦੇ ਆਪਣੇ ਅਕੀਦੇ ਪ੍ਰਤੀ ਦ੍ਰਿੜ੍ਹ ਰਹੇ ਅਤੇ ਸਿਦਕ ਤੇ ਸਿਰੜ ਨਾਲ ਇਸ ਉੱਤੇ ਪਹਿਰਾ ਦਿੰਦੇ ਰਹੇ।

ਤੀਜੀ ਤਸਵੀਰ ਜਸਟਿਸ ਕੁਲਦੀਪ ਸਿੰਘ ਦੀ ਲਗਾਈ ਗਈ। ਉਨ੍ਹਾਂ ਨੇ ਪੰਜਾਬ ਵਿੱਚ ਪੁਲਿਸ ਮੁਕਾਬਲਿਆਂ ਦੌਰਾਨ ਸਿੱਖ ਨੌਜਵਾਨਾਂ ਨੂੰ ਮਾਰਨ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਲਾਵਾਰਿਸ ਅਤੇ ਅਣਪਛਾਤੀਆਂ ਦੱਸ ਕੇ ਸ਼ਮਸ਼ਾਨਘਾਟਾਂ ਵਿੱਚ ਸਾੜਨ ਦੇ ਮਾਮਲਿਆਂ ਨੂੰ “ਨਸਲਕੁਸ਼ੀ ਤੋਂ ਵੀ ਭਿਆਨਕ ਕਾਰਾ” ਕਰਾਰ ਦਿੱਤਾ ਸੀ। ਖਾਲੜਾ ਮਾਮਲੇ ਵਿੱਚ ਜਾਂਚ ਦੇ ਹੁਕਮ ਦੇਣ ਅਤੇ ਇਸ ਮਾਮਲੇ ਨਾਲ ਸਬੰਧਤ ਜਾਂਚ ਦੀ ਕਾਰਵਾਈ ਸ਼ੁਰੂ ਕਰਵਾਉਣ ਵਿੱਚ ਵੀ ਉਨ੍ਹਾਂ ਦੀ ਅਹਿਮ ਭੂਮਿਕਾ ਰਹੀ। ਇਸ ਜਾਂਚ ਨਾਲ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਬਾਅਦ ਵਿੱਚ ਸਜ਼ਾਵਾਂ ਵੀ ਹੋਈਆਂ।

ਇਸ ਮੌਕੇ ਤਿੰਨਾਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪੰਥਕ ਅਤੇ ਸੰਘਰਸ਼ਸ਼ੀਲ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਇਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਭਾਈ ਦਲਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਕੁਲਬੀਰ ਸਿੰਘ ਬੜਾ ਪਿੰਡ, ਦਲ ਖ਼ਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ, ਭਾਈ ਪਰਮਜੀਤ ਸਿੰਘ ਮੰਡ, ਭਾਈ ਸਰਬਜੀਤ ਸਿੰਘ ਘੁਮਾਣ ਅਤੇ ਪ੍ਰੋ. ਜਗਮੋਹਨ ਸਿੰਘ, ਸ. ਪਰਮਜੀਤ ਸਿੰਘ ਗਾਜ਼ੀ ਸਮੇਤ ਹੋਰ ਪੰਥ ਸੇਵਕ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਸਨ।