ਅੰਮ੍ਰਿਤਸਰ: ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ ਦੀ 28 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਸੰਭਾਵਿਤ ਯਾਤਰਾ ਦੇ ਮੱਦੇਨਜ਼ਰ ਦਲ ਖ਼ਾਲਸਾ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ, ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰ ਬਹਾਲ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖ ਸਿਆਸੀ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ ਜਾਣ ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਦੇ ਮਾਮਲਿਆਂ ਵਿੱਚ ਅਮਰੀਕਾ ਤੋਂ ਕੂਟਨੀਤਕ ਸਹਿਯੋਗ ਦੀ ਮੰਗ ਕੀਤੀ ਹੈ।
ਅਮਰੀਕੀ ਰਾਜਦੂਤ ਸਰਜੀਓ ਗੋਰ ਦੀ 28 ਸਤੰਬਰ ਨੂੰ ਅੰਮ੍ਰਿਤਸਰ ਫੇਰੀ ਤੈਅ ਹੋਣ ਦੀਆਂ ਖ਼ਬਰਾਂ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਸੰਭਾਵਨਾ ਹੈ।
ਦਲ ਖ਼ਾਲਸਾ ਨੇ ਆਪਣੇ ਪੱਤਰ ਵਿੱਚ ਅਮਰੀਕੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਨਾਲ ਆਪਣੇ ਕੂਟਨੀਤਕ ਸਬੰਧਾਂ ਅਤੇ ਪ੍ਰਭਾਵ ਦੀ ਵਰਤੋਂ ਕਰਕੇ ਇਨ੍ਹਾਂ ਮਾਮਲਿਆਂ ਦੇ ਹੱਲ ਲਈ ਅਸਰਦਾਇਕ ਭੂਮਿਕਾ ਨਿਭਾਉਣ।
ਜਥੇਬੰਦੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਜਮਹੂਰੀ ਸਮਾਜਾਂ ਵਿੱਚ ਸਵੈ-ਨਿਰਣੇ ਅਤੇ ਸਵੈ-ਸ਼ਾਸਨ ਦੀ ਸ਼ਾਂਤਮਈ ਵਕਾਲਤ ਕਰਨ ਦਾ ਹੱਕ ਸੁਰੱਖਿਅਤ ਰਹਿਣਾ ਚਾਹੀਦਾ ਹੈ। ਪੱਤਰ ਵਿੱਚ ਪੰਜਾਬ ਦੀਆਂ ਲੰਮੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਿਆਸੀ ਸ਼ਿਕਾਇਤਾਂ ਅਤੇ ਸਿੱਖਾਂ ਦੀਆਂ ਸਿਆਸੀ ਇੱਛਾਵਾਂ ਦੇ ਸ਼ਾਂਤਮਈ ਪ੍ਰਗਟਾਵੇ ਦੇ ਹੱਕ ਨੂੰ ਬਰਕਰਾਰ ਰੱਖਣ ਦੀ ਲੋੜ ਵੀ ਉਭਾਰੀ ਗਈ ਹੈ।

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ
ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅਪੂਰਨ ਸਬੰਧਾਂ ਦੇ ਬਾਵਜੂਦ ਕੂਟਨੀਤੀ ਦੀ ਇੱਕ ਅਹਿਮ ਪ੍ਰਾਪਤੀ ਦੱਸਿਆ। ਉਨ੍ਹਾਂ ਕਿਹਾ ਕਿ ਮਈ 2025 ਵਿੱਚ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਲਾਂਘਾ ਬੰਦ ਹੋਣ ਕਾਰਨ ਸਿੱਖ ਸੰਗਤਾਂ ਵਿੱਚ ਡੂੰਘੀ ਪੀੜ ਅਤੇ ਨਿਰਾਸ਼ਾ ਹੈ।
ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਲਈ ਵਿਸ਼ੇਸ਼ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਰੱਖਦਾ ਹੈ, ਕਿਉਂਕਿ ਗੁਰੂ ਨਾਨਕ ਸਾਹਿਬ ਨੇ ਆਪਣੇ ਜੀਵਨ ਦੇ ਆਖ਼ਰੀ ਵਰ੍ਹੇ ਇਸ ਪਵਿੱਤਰ ਅਸਥਾਨ ਵਿਖੇ ਬਿਤਾਏ ਸਨ।
ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਿਆਸੀ ਟਕਰਾਅ ਦਾ ਅਸਰ ਧਾਰਮਿਕ ਯਾਤਰਾਵਾਂ ਅਤੇ ਲੋਕਾਂ ਦੇ ਆਪਸੀ ਸੰਪਰਕ ਉੱਤੇ ਨਹੀਂ ਪੈਣਾ ਚਾਹੀਦਾ।
ਦਲ ਖ਼ਾਲਸਾ ਨੇ ਅਮਰੀਕਾ ਨੂੰ ਅਪੀਲ ਕੀਤੀ ਹੈ ਕਿ ਉਹ ਦੋਵਾਂ ਮੁਲਕਾਂ ਨਾਲ ਆਪਣੇ ਕੂਟਨੀਤਕ ਸਬੰਧਾਂ ਦੀ ਵਰਤੋਂ ਕਰਕੇ ਕਰਤਾਰਪੁਰ ਸਾਹਿਬ ਲਾਂਘਾ ਜਲਦੀ ਮੁੜ ਖੁਲ੍ਹਵਾਉਣ ਲਈ ਪਹਿਲਕਦਮੀ ਕਰੇ। ਜਥੇਬੰਦੀ ਅਨੁਸਾਰ ਇਸ ਨਾਲ ਨਾ ਸਿਰਫ਼ ਸਿੱਖ ਸੰਗਤਾਂ ਦੀ ਧਾਰਮਿਕ ਯਾਤਰਾ ਮੁੜ ਸ਼ੁਰੂ ਹੋ ਸਕੇਗੀ, ਸਗੋਂ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਵਿਚਾਲੇ ਸੰਪਰਕ ਬਹਾਲ ਕਰਨ ਵਿੱਚ ਵੀ ਮਦਦ ਮਿਲੇਗੀ।
ਅਟਾਰੀ-ਵਾਹਗਾ ਰਾਹੀਂ ਵਪਾਰ ਬਹਾਲ ਕਰਨ ਦੀ ਅਪੀਲ
ਦਲ ਖ਼ਾਲਸਾ ਨੇ ਅਮਰੀਕੀ ਰਾਜਦੂਤ ਦਾ ਧਿਆਨ ਅਟਾਰੀ-ਵਾਹਗਾ ਜ਼ਮੀਨੀ ਰਸਤੇ ਰਾਹੀਂ ਵਪਾਰ ‘ਤੇ ਲੱਗੀਆਂ ਪਾਬੰਦੀਆਂ ਵੱਲ ਵੀ ਦਿਵਾਇਆ ਹੈ।
ਜਥੇਬੰਦੀ ਨੇ ਕਿਹਾ ਕਿ ਪੰਜਾਬ ਇਤਿਹਾਸਕ ਤੌਰ ‘ਤੇ ਦੱਖਣੀ ਏਸ਼ੀਆ ਨੂੰ ਪਾਕਿਸਤਾਨ, ਅਫ਼ਗਾਨਿਸਤਾਨ ਅਤੇ ਮੱਧ ਏਸ਼ੀਆ ਨਾਲ ਜੋੜਨ ਵਾਲਾ ਇੱਕ ਮਹੱਤਵਪੂਰਨ ਵਪਾਰਕ ਲਾਂਘਾ ਰਿਹਾ ਹੈ। ਪਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਿਆਸੀ ਤਣਾਅ ਕਾਰਨ ਇਹ ਵਪਾਰਕ ਰਸਤਾ ਲਗਾਤਾਰ ਪਾਬੰਦੀਆਂ ਹੇਠ ਆਇਆ ਹੈ।
ਕੰਵਰਪਾਲ ਸਿੰਘ ਨੇ ਕਿਹਾ ਕਿ ਇੱਕ ਪਾਸੇ ਸਮੁੰਦਰੀ, ਹਵਾਈ ਅਤੇ ਹੋਰ ਬਦਲਵੇਂ ਵਪਾਰਕ ਰਸਤਿਆਂ ਨੂੰ ਖੋਲ੍ਹਣ ਅਤੇ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਪੰਜਾਬ ਦੇ ਭੂਗੋਲਿਕ ਤੌਰ ‘ਤੇ ਸੁਭਾਵਿਕ ਵਪਾਰਕ ਰਸਤੇ ਨੂੰ ਸਖ਼ਤ ਪਾਬੰਦੀਆਂ ਹੇਠ ਰੱਖਿਆ ਗਿਆ ਹੈ।
ਉਨ੍ਹਾਂ ਮੰਗ ਕੀਤੀ ਕਿ ਅਮਰੀਕਾ ਅਟਾਰੀ-ਵਾਹਗਾ ਸਰਹੱਦ ਰਾਹੀਂ ਜਾਇਜ਼ ਵਪਾਰ ਨੂੰ ਪੜਾਅਵਾਰ ਮੁੜ ਬਹਾਲ ਕਰਵਾਉਣ ਲਈ ਕੂਟਨੀਤਕ ਸਹਿਯੋਗ ਦੇਵੇ।

ਵਿਦੇਸ਼ਾਂ ਵਿੱਚ ਸਿੱਖ ਸਿਆਸੀ ਕਾਰਕੁਨਾਂ ਦੀ ਸੁਰੱਖਿਆ ਦਾ ਮੁੱਦਾ ਉਠਾਇਆ
ਦਲ ਖ਼ਾਲਸਾ ਨੇ ਆਪਣੇ ਪੱਤਰ ਵਿੱਚ ਅਮਰੀਕਾ, ਕੈਨੇਡਾ ਅਤੇ ਹੋਰ ਪੱਛਮੀ ਜਮਹੂਰੀ ਮੁਲਕਾਂ ਵਿੱਚ ਸਿੱਖ ਸਿਆਸੀ ਕਾਰਕੁਨਾਂ ਨੂੰ ਧਮਕੀਆਂ ਦੇਣ, ਉਨ੍ਹਾਂ ਦੀ ਨਿਗਰਾਨੀ ਕਰਨ ਅਤੇ ਹਿੰਸਾ ਦਾ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਬਾਰੇ ਵੀ ਗੰਭੀਰ ਚਿੰਤਾ ਪ੍ਰਗਟਾਈ ਹੈ।
ਜਥੇਬੰਦੀ ਨੇ ਕਿਹਾ ਕਿ ਅਮਰੀਕੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਨਿਆਂ ਪ੍ਰਣਾਲੀ ਵੱਲੋਂ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਉਹ ਸ਼ਲਾਘਾ ਕਰਦੀ ਹੈ। ਹਾਲਾਂਕਿ, ਉਸ ਦਾ ਮੰਨਣਾ ਹੈ ਕਿ ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਸਿਰਫ਼ ਜਾਂਚ, ਦੋਸ਼-ਪੱਤਰ ਦਾਖ਼ਲ ਕਰਨ ਅਤੇ ਸੁਰੱਖਿਆ ਚਿਤਾਵਨੀਆਂ ਜਾਰੀ ਕਰਨ ਤੱਕ ਹੀ ਸੀਮਤ ਨਹੀਂ ਰਹਿਣੀ ਚਾਹੀਦੀ।
ਕੰਵਰਪਾਲ ਸਿੰਘ ਨੇ ਕਿਹਾ ਕਿ ਅਮਰੀਕਾ ਅਤੇ ਹੋਰ ਮੁਲਕਾਂ ਵਿੱਚ ਗੈਰਕਾਨੂੰਨੀ ਹਥਿਆਰਾਂ ਸਮੇਤ ਭਾਰਤੀ ਮੂਲ ਦੇ ਗੈਂਗਸਟਰਾਂ ਦੇ ਬੇਨਕਾਬ ਹੋਣ, ਉਨ੍ਹਾਂ ਖ਼ਿਲਾਫ਼ ਦੋਸ਼-ਪੱਤਰ ਦਾਖ਼ਲ ਹੋਣ ਅਤੇ ਗ੍ਰਿਫ਼ਤਾਰੀਆਂ ਦੀਆਂ ਘਟਨਾਵਾਂ ਨੇ ਸਿੱਖ ਹਲਕਿਆਂ ਵਿੱਚ ਚਿੰਤਾ ਵਧਾਈ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਗੈਂਗਸਟਰਾਂ ਦੇ ਭਾਰਤੀ ਸੁਰੱਖਿਆ ਏਜੰਸੀਆਂ ਨਾਲ ਕਥਿਤ ਗੁਪਤ ਸਬੰਧ ਹੋਣ ਦੇ ਦਾਅਵੇ ਵੀ ਸਾਹਮਣੇ ਆਏ ਹਨ। ਜਥੇਬੰਦੀ ਨੇ ਅਜਿਹੇ ਮਾਮਲਿਆਂ ਵਿੱਚ ਪ੍ਰਭਾਵਸ਼ਾਲੀ ਕਾਰਵਾਈ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।
ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਮੰਗ
ਦਲ ਖ਼ਾਲਸਾ ਨੇ ਅਮਰੀਕਾ ਵਿੱਚ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਦਾ ਮੁੱਦਾ ਵੀ ਉਠਾਇਆ ਹੈ। ਜਥੇਬੰਦੀ ਨੇ ਕਿਹਾ ਕਿ ਦਸਤਾਰ ਅਤੇ ਕੇਸਾਂ ਕਾਰਨ ਸਿੱਖਾਂ ਦੀ ਵੱਖਰੀ ਪਛਾਣ ਹੋਣ ਕਰਕੇ ਉਨ੍ਹਾਂ ਨੂੰ ਕਈ ਵਾਰ ਨਸਲੀ ਅਤੇ ਧਾਰਮਿਕ ਪੱਖਪਾਤ ਦਾ ਸਾਹਮਣਾ ਕਰਨਾ ਪੈਂਦਾ ਹੈ।
ਜਥੇਬੰਦੀ ਨੇ ਅਮਰੀਕੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਰੋਕਣ ਲਈ ਸਿੱਖ ਪਛਾਣ ਬਾਰੇ ਜਾਗਰੂਕਤਾ ਅਤੇ ਸਿੱਖਿਆ ਵਿੱਚ ਵਾਧਾ ਕੀਤਾ ਜਾਵੇ। ਇਸ ਦੇ ਨਾਲ ਹੀ ਅਜਿਹੇ ਅਪਰਾਧਾਂ ਦੀ ਸਹੀ ਪਛਾਣ ਅਤੇ ਰਿਪੋਰਟਿੰਗ ਦੀ ਪ੍ਰਕਿਰਿਆ ਨੂੰ ਬਿਹਤਰ ਬਣਾਇਆ ਜਾਵੇ।
ਦਲ ਖ਼ਾਲਸਾ ਨੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਸਿੱਖ ਸੰਸਥਾਵਾਂ ਵਿਚਾਲੇ ਤਾਲਮੇਲ ਹੋਰ ਮਜ਼ਬੂਤ ਕਰਨ ਦੀ ਮੰਗ ਵੀ ਕੀਤੀ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਣ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ।
ਜਵਾਬਦੇਹੀ ਨੂੰ ਭੂ-ਰਾਜਨੀਤਕ ਹਿੱਤਾਂ ਤੋਂ ਉੱਪਰ ਰੱਖਣ ਦੀ ਅਪੀਲ
ਪੱਤਰ ਦੇ ਸਮੁੱਚੇ ਉਦੇਸ਼ ਬਾਰੇ ਦੱਸਦਿਆਂ ਦਲ ਖ਼ਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਉਮੀਦ ਪ੍ਰਗਟਾਈ ਕਿ ਅਮਰੀਕਾ ਅਤੇ ਉਸ ਦੇ ਜਮਹੂਰੀ ਭਾਈਵਾਲ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣਗੇ।
ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਦੀ ਬਹਾਲੀ, ਸਰਹੱਦ ਪਾਰ ਵਪਾਰ, ਸਿੱਖ ਸਿਆਸੀ ਕਾਰਕੁਨਾਂ ਦੀ ਸੁਰੱਖਿਆ ਅਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਵਰਗੇ ਮੁੱਦਿਆਂ ‘ਤੇ ਠੋਸ ਕਾਰਵਾਈ ਦੀ ਲੋੜ ਹੈ। ਇਨ੍ਹਾਂ ਮਾਮਲਿਆਂ ਵਿੱਚ ਜਵਾਬਦੇਹੀ ਨੂੰ ਭੂ-ਰਾਜਨੀਤਕ ਹਿੱਤਾਂ ਅਤੇ ਮਜਬੂਰੀਆਂ ਦੀ ਭੇਟ ਨਹੀਂ ਚੜ੍ਹਨ ਦੇਣਾ ਚਾਹੀਦਾ।