ਚੰਡੀਗੜ੍ਹ : ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਅਤੇ ਦੂਜੇ ਸੂਬਿਆਂ ਤੋਂ ਹੋ ਰਹੇ ਪ੍ਰਵਾਸ ਦੇ ਮੁੱਦੇ ’ਤੇ ਦਲ ਖ਼ਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਦਿਆਂ 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਕਨਵੈਨਸ਼ਨ ਕਰਵਾਉਣ ਦਾ ਐਲਾਨ ਕੀਤਾ ਹੈ। ‘ਪੰਜਾਬ, ਪੰਜਾਬੀਆਂ ਦਾ, ਪੰਜਾਬੀਆਂ ਲਈ’ ਸਿਰਲੇਖ ਹੇਠ ਹੋਣ ਵਾਲੀ ਇਸ ਕਨਵੈਨਸ਼ਨ ਵਿੱਚ ਪੰਜਾਬ ਦੇ ਭਵਿੱਖ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਕੇ ਅਗਲੇ ਸੰਘਰਸ਼ ਲਈ ਠੋਸ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ।
ਪ੍ਰੈੱਸ ਕਾਨਫਰੰਸ ਦੌਰਾਨ ਦਲ ਖ਼ਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਲੰਮੇ ਸਮੇਂ ਤੋਂ ਸਿਆਸੀ ਪਾਰਟੀਆਂ ਲਈ ਚੋਣਾਂ ਦੌਰਾਨ ਵੋਟਾਂ ਹਾਸਲ ਕਰਨ ਦਾ ਸਾਧਨ ਬਣਿਆ ਹੋਇਆ ਹੈ, ਪਰ ਇਸ ਸਮੱਸਿਆ ਦਾ ਸਥਾਈ ਹੱਲ ਕੱਢਣ ਵਿੱਚ ਸਰਕਾਰਾਂ ਅਸਫ਼ਲ ਰਹੀਆਂ ਹਨ।

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਸਾਥੀ ਦੇ ਕਤਲ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪੈ ਰਹੀਆਂ ਹਨ। ਉਨ੍ਹਾਂ ਸਰਕਾਰਾਂ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈਆਂ ਜਾ ਰਹੀਆਂ ਮੁਹਿੰਮਾਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਿਰਫ਼ ਫਲੈਕਸ ਲਗਾਉਣ ਅਤੇ ਨਾਅਰੇਬਾਜ਼ੀ ਕਰਨ ਨਾਲ ਇਸ ਗੰਭੀਰ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਅਤੇ ਨਸ਼ਿਆਂ ਦੇ ਮਾਮਲਿਆਂ ਵਿੱਚ ਸੀਬੀਆਈ ਜਾਂਚ ਬਾਰੇ ਟਿੱਪਣੀ ਕਰਦਿਆਂ ਮੰਡ ਨੇ ਇਸ ਨੂੰ ਸਿਆਸੀ ਦਿਖਾਵਾ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੇ ਨੈੱਟਵਰਕ ਨੂੰ ਚਲਾਉਣ ਵਾਲੇ ਵੱਡੇ ਲੋਕਾਂ ਤੱਕ ਪਹੁੰਚਣ ਦੀ ਬਜਾਏ ਹੇਠਲੇ ਪੱਧਰ ’ਤੇ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸਰਕਾਰ ਅਤੇ ਪੁਲਿਸ ਦੀ ਕਥਿਤ ਮਿਲੀਭੁਗਤ ਤੋਂ ਬਿਨਾਂ ਨਸ਼ਿਆਂ ਦਾ ਅਜਿਹਾ ਨੈੱਟਵਰਕ ਚੱਲਣਾ ਸੰਭਵ ਨਹੀਂ ਹੈ।
ਪੰਜਾਬ ਵਿੱਚ ਦੂਜੇ ਸੂਬਿਆਂ ਤੋਂ ਹੋ ਰਹੇ ਕਥਿਤ ਗ਼ੈਰ-ਕਾਨੂੰਨੀ ਪ੍ਰਵਾਸ ਦਾ ਮੁੱਦਾ ਉਠਾਉਂਦਿਆਂ ਮੰਡ ਨੇ ਦਾਅਵਾ ਕੀਤਾ ਕਿ ਇਸ ਕਾਰਨ ਸਰਕਾਰੀ ਜ਼ਮੀਨਾਂ ’ਤੇ ਕਬਜ਼ਿਆਂ, ਤੰਬਾਕੂ ਸੱਭਿਆਚਾਰ ਅਤੇ ਅਪਰਾਧਾਂ ਨਾਲ ਸਬੰਧਤ ਸਮੱਸਿਆਵਾਂ ਵਧ ਰਹੀਆਂ ਹਨ। ਉਨ੍ਹਾਂ ਇਸ ਵਰਤਾਰੇ ਨੂੰ ਪੰਜਾਬ ਦੇ ਭਵਿੱਖ ਲਈ ਗੰਭੀਰ ਚੁਣੌਤੀ ਦੱਸਿਆ।
ਸ਼੍ਰੋਮਣੀ ਕਮੇਟੀ ਨਾਲ ਜੁੜੇ ਵਿਵਾਦਾਂ ਦੀ ਜਾਂਚ ਬਾਰੇ ਬੋਲਦਿਆਂ ਦਲ ਖ਼ਾਲਸਾ ਆਗੂ ਨੇ ਮੰਗ ਕੀਤੀ ਕਿ ਇਹ ਜਾਂਚ ਕਿਸੇ ਸਰਕਾਰੀ ਏਜੰਸੀ ਦੀ ਬਜਾਏ ਨਿਰਪੱਖ ਸਿੱਖ ਜੱਜਾਂ ਜਾਂ ਵਿਦਵਾਨਾਂ ਦੇ ਪੈਨਲ ਰਾਹੀਂ ਕਰਵਾਈ ਜਾਵੇ।
ਮੰਡ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਨਾਲ ਜੁੜੇ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਨੂੰ ਇਕਜੁੱਟ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ 1 ਨਵੰਬਰ ਨੂੰ ਹੋਣ ਵਾਲੀ ਕਨਵੈਨਸ਼ਨ ਵਿੱਚ ਇਨ੍ਹਾਂ ਮੁੱਦਿਆਂ ’ਤੇ ਵਿਚਾਰ-ਵਟਾਂਦਰੇ ਤੋਂ ਬਾਅਦ ਅਗਲੇ ਸੰਘਰਸ਼ ਦੀ ਰੂਪ-ਰੇਖਾ ਅਤੇ ਠੋਸ ਐਕਸ਼ਨ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।