ਫਰੈਂਕਫਰਟ (ਜਰਮਨੀ): ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਹਫ਼ਤਾਵਾਰੀ ਗੁਰਮਤਿ ਦੀਵਾਨ ਦੀ ਸਮਾਪਤੀ ਉਪਰੰਤ ਦਲ ਖ਼ਾਲਸਾ ਦੇ ਮੋਢੀ ਅਤੇ ਜਲਾਵਤਨੀ ਯੋਧੇ ਭਾਈ ਗਜਿੰਦਰ ਸਿੰਘ ਅਤੇ ਕੈਨੇਡਾ ਵਿੱਚ ਸ਼ਹੀਦ ਕੀਤੇ ਗਏ ਭਾਈ ਹਰਦੀਪ ਸਿੰਘ ਨਿੱਝਰ ਦੀਆਂ ਤਸਵੀਰਾਂ ਜੈਕਾਰਿਆਂ ਦੀ ਗੂੰਜ ਵਿੱਚ ਸੁਸ਼ੋਭਿਤ ਕੀਤੀਆਂ ਗਈਆਂ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੇ ਦੋਵਾਂ ਸ਼ਖ਼ਸੀਅਤਾਂ ਦੀ ਕੌਮੀ ਘਾਲਣਾ ਨੂੰ ਯਾਦ ਕੀਤਾ।

ਸਮਾਗਮ ਦੌਰਾਨ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਸਟੇਜ ਤੋਂ ਹਮੇਸ਼ਾ ਪੰਥਕ ਹਿੱਤਾਂ, ਸਿੱਖ ਕੌਮ ਦੇ ਹੱਕਾਂ ਅਤੇ ਆਜ਼ਾਦੀ ਦੇ ਸੰਘਰਸ਼ ਬਾਰੇ ਆਵਾਜ਼ ਬੁਲੰਦ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਪਹਿਲਾਂ ਵੀ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ ਦੀਆਂ ਤਸਵੀਰਾਂ ਸੁਸ਼ੋਭਿਤ ਹਨ। ਸ਼ਹੀਦਾਂ ਅਤੇ ਸੰਘਰਸ਼ਸ਼ੀਲ ਯੋਧਿਆਂ ਦੀਆਂ ਯਾਦਾਂ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ, ਸਿਧਾਂਤਾਂ ਤੇ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਕੌਮੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਇਤਿਹਾਸ ਵਿੱਚ ਜ਼ੁਲਮ ਵਿਰੁੱਧ ਡਟਣ, ਸੱਚ ਲਈ ਖੜ੍ਹਨ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਦੀ ਪਰੰਪਰਾ ਰਹੀ ਹੈ। ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਇਸ ਵਿਰਾਸਤ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹੇਗਾ।

ਜਿਕਰਯੋਗ ਹੈ ਕਿ ਭਾਈ ਗਜਿੰਦਰ ਸਿੰਘ ਨੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਸਿੱਖ ਕੌਮ ਦੀ ਆਜ਼ਾਦੀ ਦੇ ਸੰਘਰਸ਼ ਨੂੰ ਸਮਰਪਿਤ ਕੀਤਾ ਅਤੇ ਕਈ ਦਹਾਕੇ ਜਲਾਵਤਨੀ ਵਿੱਚ ਬਿਤਾਏ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ‘ਜਲਾਵਤਨੀ ਯੋਧਾ’ ਦੇ ਸਨਮਾਨ ਨਾਲ ਨਿਵਾਜਿਆ ਗਿਆ ਸੀ। ਉਨ੍ਹਾਂ ਦਾ ਜੀਵਨ ਸਿੱਖ ਸੰਘਰਸ਼ ਦੇ ਇਤਿਹਾਸ ਦਾ ਅਹਿਮ ਹਿੱਸਾ ਹੈ।

ਗੁਰਦੁਆਰਾ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ, ਸਰੀ ਦੇ ਪ੍ਰਧਾਨ ਅਤੇ ਖ਼ਾਲਿਸਤਾਨ ਪੱਖੀ ਆਗੂ ਭਾਈ ਹਰਦੀਪ ਸਿੰਘ ਨਿੱਝਰ ਨੂੰ ਜੂਨ 2023 ਵਿੱਚ ਸਰੀ ਵਿਖੇ ਉਨ੍ਹਾਂ ਦੀ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਭਾਰਤੀ ਏਜੰਟਾਂ ਦੀ ਕਥਿਤ ਸ਼ਮੂਲੀਅਤ ਬਾਰੇ ਕੈਨੇਡਾ ਸਰਕਾਰ ਵੱਲੋਂ ਲਗਾਏ ਗਏ ਦੋਸ਼ਾਂ ਨੇ ਕੌਮਾਂਤਰੀ ਪੱਧਰ ’ਤੇ ਵਿਵਾਦ ਪੈਦਾ ਕੀਤਾ ਸੀ। ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਕੌਮੀ ਸ਼ਹੀਦ ਵਜੋਂ ਸਤਿਕਾਰ ਦਿੱਤਾ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਦੋਵਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਵੀ ਸੁਸ਼ੋਭਿਤ ਕੀਤੀਆਂ ਗਈਆਂ ਹਨ। ਇਸ ਮੌਕੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਤਸਵੀਰਾਂ ਸੁਸ਼ੋਭਿਤ ਕਰਨ ਦਾ ਉਦੇਸ਼ ਉਨ੍ਹਾਂ ਦੀ ਯਾਦ ਅਤੇ ਕੌਮੀ ਘਾਲਣਾ ਨੂੰ ਸਤਿਕਾਰ ਭੇਟ ਕਰਨਾ ਹੈ।
ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਅਨੂਪ ਸਿੰਘ ਘੋਤੜਾ, ਮੀਤ ਪ੍ਰਧਾਨ ਭਾਈ ਗੁਰਚਰਨ ਸਿੰਘ ਗੁਰਾਇਆ, ਜਨਰਲ ਸਕੱਤਰ ਭਾਈ ਹੀਰਾ ਸਿੰਘ ਮੱਤੇਵਾਲ, ਚੇਅਰਮੈਨ ਭਾਈ ਗੁਰਦਿਆਲ ਸਿੰਘ ਲਾਲੀ, ਸਾਬਕਾ ਪ੍ਰਧਾਨ ਭਾਈ ਬਲਕਾਰ ਸਿੰਘ, ਭਾਈ ਨਰਿੰਦਰ ਸਿੰਘ ਘੋਤੜਾ, ਭਾਈ ਬਹਾਦਰ ਸਿੰਘ ਸਮਰਾ ਅਤੇ ਭਾਈ ਜਸਵੰਤ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਤੇ ਸੰਗਤਾਂ ਹਾਜ਼ਰ ਸਨ।