ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਪੁਰਾਤਨ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ, ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਇਆ। ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ।