ਚੰਡੀਗੜ੍ਹ – ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਧਰਮ ਸੁਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਸਿੱਖ ਸੰਗਤ, ਸ਼ਹੀਦ ਸਿੱਖਾਂ ਦੇ ਪਰਿਵਾਰਾਂ, ਮਨੁੱਖੀ ਅਧਿਕਾਰਾਂ ਦੇ ਕਾਰਕੁਨਾਂ ਅਤੇ ਜਥੇਬੰਦੀਆਂ ਨੂੰ ਹਰੀਕੇ ਪੱਤਣ ਵਿਖੇ ਗਿਆਨੀ ਕੁਲਦੀਪ ਸਿੰਘ ਗੜਗੱਜ (ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ) ਵੱਲੋਂ ਰੱਖੇ ਗਏ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ 14 ਜੁਲਾਈ ਦਿਨ ਮੰਗਲਵਾਰ ਨੂੰ ਸ਼ਾਮ ਵੇਲੇ 6 ਵਜੇ ਦਰਿਆ ਸਤਲੁਜ ਦੇ ਕੰਢੇ ਹਰੀਕੇ ਪੱਤਣ ‘ਤੇ, ਜਿੱਥੇ ਕਤਲ ਕੀਤੇ ਗਏ ਬੇਕਸੂਰ ਨੌਜਵਾਨਾਂ ਦੀਆਂ ਲਾਸ਼ਾਂ ਦਰਿਆ ਵਿੱਚ ਰੋੜ੍ਹੇ ਜਾਣ ਦੀ ਗੱਲ ਸਾਹਮਣੇ ਆਈ ਸੀ, ਵਿਖੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ ਕੀਤੀ ਜਾਵੇਗੀ।

ਬੀਬੀ ਖਾਲੜਾ ਨੇ ਜਾਰੀ ਕੀਤੇ ਸੰਦੇਸ਼ ‘ਚ ਕਿਹਾ ਕਿ ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ, ਨਵੰਬਰ 1984 ਦੇ ਸਿੱਖ ਕਤਲੇਆਮ ਅਤੇ ਉਸ ਤੋਂ ਬਾਅਦ ਪੰਜਾਬ ਵਿੱਚ ਲਾਵਾਰਿਸ ਲਾਸ਼ਾਂ, ਤਸ਼ੱਦਦ ਅਤੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਦੇ ਮਾਮਲੇ ਅੱਜ ਵੀ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਕਰਦੇ ਹਨ। ਕਾਂਗਰਸ ਸਰਕਾਰ ਦੇ ਦੌਰਾਨ ਹੋਏ ਇਸ ਕਤਲੇਆਮ ਅਤੇ ਮਨੁੱਖੀ ਹੱਕਾਂ ਦੇ ਘਾਣ ਨੂੰ ਬਾਅਦ ਵਿਚ ਆਈਆਂ ਸਰਕਾਰਾਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਵਿੱਚ ਨਾਕਾਮ ਰਹੀਆਂ ਹਨ।
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕਿ ਫਤਿਹ ।
ਪੰਜਾਬ 14 ਜੁਲਾਈ 2026 ਦਿਨ ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਸੱਦੇ ‘ਤੇ ਹਰੀਕੇ ਪੱਤਣ (ਜਿੱਥੇ ਲਾਵਾਰਿਸ ਕਰਕੇ ਰੋੜੀਆਂ ਲਾਸ਼ਾਂ) ਵਿਖੇ ਅਰਦਾਸ ਸਮਾਗਮ ਵਿਚ ਇਕੱਠੇ ਹੋਣ ਦੀ ਤਿਆਰੀ ਕਰ ਰਿਹਾ ਹੈ|
ਮੈਂ ਪੰਜਾਬ, ਸਮੁੱਚੇ ਸਿੱਖ ਪੰਥ ਅਤੇ ਦੁਨੀਆਂ ਭਰ ਦੇ ਲੋਕ, ਜੋ ਮਨੁੱਖੀ…— Paramjit Kaur Khalra (@KaurKhalra) July 13, 2026
ਉਹਨਾਂ ਕਿਹਾ ਕਿ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਕਈ ਵਿਵਾਦਿਤ ਪੁਲਿਸ ਅਧਿਕਾਰੀਆਂ ਨੂੰ ਅਹੁਦੇ ਅਤੇ ਸਹੂਲਤਾਂ ਦਿੱਤੀਆਂ, ਜਦਕਿ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੁਝ ਪੁਲਿਸ ਮੁਲਾਜ਼ਮਾਂ ਨੂੰ ਕਾਨੂੰਨੀ ਕਾਰਵਾਈ ਦੇ ਘੇਰੇ ਵਿੱਚ ਲਿਆਉਣ ਦੀ ਬਜਾਏ ਉਨ੍ਹਾਂ ਨੂੰ ਬਚਾਉਣ ਵਿੱਚ ਭੂਮਿਕਾ ਨਿਭਾਈ ਗਈ। ਜਿਨ੍ਹਾਂ ਵਿੱਚ ਸ. ਖਾਲੜਾ ਦੇ ਕਾਤਲ ਡੀ.ਐਸ.ਪੀ. ਜਸਪਾਲ ਸਿੰਘ, ਸਬ ਇੰਸਪੈਕਟਰ ਜਸਬੀਰ ਸਿੰਘ ਅਤੇ ਸਤਨਾਮ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਉਨ੍ਹਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵੀ ਵਿਦੇਸ਼ੀ ਧਰਤੀ ‘ਤੇ ਨਿਸ਼ਾਨਾ ਬਣਾ ਕੇ ਕੀਤੀਆਂ ਗਈਆਂ ਹੱਤਿਆਵਾਂ ਸਬੰਧੀ ਲੱਗੇ ਦੋਸ਼ਾਂ ਦਾ ਜ਼ਿਕਰ ਕੀਤਾ।

ਬੀਬੀ ਖਾਲੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਗੇ ਤਿੰਨ ਮੁੱਖ ਮੰਗਾਂ ਰੱਖੀਆਂ ਹਨ ਜਿਹਨਾਂ ‘ਚ ਪਹਿਲੀ, ਪੰਜਾਬ ਵਿੱਚ 1980 ਅਤੇ 1990 ਦੇ ਦਹਾਕਿਆਂ ਦੌਰਾਨ ਲਾਪਤਾ ਕੀਤੇ ਗਏ ਲੋਕਾਂ, ਲਾਵਾਰਿਸ ਲਾਸ਼ਾਂ ਅਤੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰੇ ਗਏ ਵਿਅਕਤੀਆਂ ਦੀ ਅਸਲ ਗਿਣਤੀ ਸਾਹਮਣੇ ਲਿਆਉਣ ਲਈ ਇੱਕ ਲੋਕ ਕਮਿਸ਼ਨ ਬਣਾਇਆ ਜਾਵੇ। ਦੂਜੀ, ਸਰਦਾਰ ਜਸਵੰਤ ਸਿੰਘ ਖਾਲੜਾ ਵੱਲੋਂ ਸਾਹਮਣੇ ਲਿਆਂਦੀਆਂ ਗਈਆਂ ਅਣਪਛਾਤੀਆਂ ਲਾਸ਼ਾਂ ਦੀ ਯਾਦ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਯੋਗ ਸਥਾਨ ਦਿੱਤਾ ਜਾਵੇ। ਤੀਜੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀੜਤ ਪਰਿਵਾਰਾਂ ਦੀ ਮਾਲੀ ਸਹਾਇਤਾ ਕੀਤੀ ਜਾਵੇ।
ਬੀਬੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਵਿਅਕਤੀ ਕਾਨੂੰਨ ਅਤੇ ਜਵਾਬਦੇਹੀ ਤੋਂ ਉੱਪਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਨਿਰਦੋਸ਼ ਲੋਕਾਂ ਦੇ ਕਤਲੇਆਮ, ਮਨੁੱਖੀ ਹੱਕਾਂ ਦੀ ਉਲੰਘਣਾ ਜਾਂ ਇਨਸਾਫ਼ ਤੋਂ ਇਨਕਾਰ ਕਰਨ ਵਾਲਿਆਂ ਨੂੰ ਲੋਕਾਂ ਦੀ ਕਚਹਿਰੀ ਵਿੱਚ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਅੰਤ ਵਿੱਚ ਅਪੀਲ ਕੀਤੀ ਕਿ ਤੀਜੇ ਘੱਲੂਘਾਰੇ ਦੀ ਯਾਦ ਨੂੰ ਕਿਸੇ ਵੀ ਤਰ੍ਹਾਂ ਦੀ ਸਿਆਸੀ ਲਾਭ ਲਈ ਨਾ ਵਰਤਿਆ ਜਾਵੇ, ਸਗੋਂ ਪੂਰੇ ਨਿਜ਼ਾਮ ਤੋਂ ਜਵਾਬਦੇਹੀ ਦੀ ਮੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹੀ ਲਾਵਾਰਿਸ ਲਾਸ਼ਾਂ ਅਤੇ ਸਰਦਾਰ ਜਸਵੰਤ ਸਿੰਘ ਖਾਲੜਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।