ਚੰਡੀਗੜ੍: ਬਠਿੰਡਾ ਹਲਕੇ ਤੋਂ ਲੋਕ ਸਭਾ ਮੈਂਬਰ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਸਤਲੁਜ਼ ਜਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਪੰਜਾਬ ਦੇ ਸਮੱਰਥਨ ਦੀ ਹਿੰਮਤ ਕਿਉਂ ਨਹੀਂ ਦਿਖਾਈ ਜਦਕਿ ਉਸਦੀ ਪਾਰਟੀ ਦੀ ਪੰਜਾਬ ਇਕਾਈ ਨੇ ਇਸ ਸਬੰਧੀ ਵਿਧਾਨ ਸਭਾ ਵਿਚ ਲਿਆਂਦੇ ਬਿਲ ਦਾ ਸਮੱਰਥਨ ਕੀਤਾ ਹੈ ਅਤੇ ਨਹਿਰ ਨਾ ਬਣਨ ਦੇ ਹੱਕ ਵਿਚ ਹੈ।

ਉਨ੍ਹਾਂ ਕਿਹਾ ਕਿ ਰਾਹੁਲ ਵੱਲੋਂ ਇਸ ਮੁੱਦੇ ’ਤੇ ਕਿਸਾਨ ਪੱਖੀ ਗੱਲ ਨਾ ਕਰਨ ਦੀ ਮੁੱਖ ਵਜ੍ਹਾ ਇਹ ਹੈ ਕਿ ਕਾਂਗਰਸ ਹਾਈ ਕਮਾਂਡ ਦੋਹਰੀਆਂ ਨੀਤੀਆਂ ਉਤੇ ਚੱਲਦੀ ਹੈ ਅਤੇ ਕਾਂਗਰਸ ਪਾਰਟੀ ਪੰਜਾਬ ਵਿਚ ਕੁਝ ਕਹਿੰਦੀ ਹੈ ਅਤੇ ਹਰਿਆਣਾ ਵਿਚ ਕੁਝ ਹੋਰ।
ਹਰਸਿਮਰਤ ਕੌਰ ਬਾਦਲ ਨੇ ਸਿੱਖ ਸਿਆਸਤ ਨੂੰ ਭੇਜੇ ਬਿਆਨ ਵਿੱਚ ਕਿਹਾ ਕਿ ਕਿਹਾ ਕਿ ਰਾਹੁਲ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਦੇ-ਕਦੇ ਚੁੱਪ ਰਹਿਣਾ ਵੀ ’ਅਪਰਾਧ’ ਹੁੰਦਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਦੀ ਚੁੱਪੀ ਨਾਲ ਇਹ ਸਿੱਧ ਹੁੰਦਾ ਹੈ ਕਿ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਨਾਲ ਹੋਈ ਬੇਇਨਸਾਫੀ ਲਈ ਉਹ ਪੰਜਾਬ ਨੂੰ ਇਨਸਾਫ ਦਿਵਾਉਣ ਦੇ ਹੱਕ ਵਿਚ ਨਹੀਂ ਹੈ ।
ਉਨ੍ਹਾਂ ਕਿਹਾ ਕਿ ਰਾਹੁਲ ਨੂੰ ਘੱਟੋ-ਘੱਟ ਆਪਣੀ ਦਾਦੀ ਵੱਲੋਂ ਪੰਜਾਬ ਨਾਲ ਕੀਤੀ ਨਾਇਨਸਾਫੀ ਨੂੰ ਪੂਰਣ ਦਾ ਇਹ ਮੌਕਾ ਗੰਵਾਉਣਾ ਨਹੀਂ ਚਾਹੀਦਾ ਸੀ ਅਤੇ ਉਹ ਕਹਿੰਦਾ ਕਿ ਹੁਣ ਪੰਜਾਬੀਆਂ ਨੂੰ ਇਨਸਾਫ ਦਿਵਾਉਣ ਲਈ ਉਹ ਪੰਜਾਬ ਦਾ ਸਮੱਰਥਨ ਕਰਦਾ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਦੋਵੇਂ ਪੰਜਾਬ ਵਿਰੋਧੀ ਕਾਰਵਾਈਆਂ ਕਰ ਰਹੇ ਹਨ ਜਦਕਿ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸਪੱਸ਼ਟ ਰੂਪ ਵਿਚ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਕੀਮਤ ’ਤੇ ਸਤਲੁਜ਼ ਜਮੁਨਾ ਲਿੰਕ ਨਹਿਰ ਦੀ ਉਸਾਰੀ ਨਹੀਂ ਹੋਣ ਦੇਵੇਗੀ।