ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੁਆਰਾ ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ਵਿਚ ਸਚਾਈ ਨੂੰ ਛੁਪਾਉਣ ਅਤੇ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਗਿਣਤੀ ਘਟਾ ਕੇ ਦੱਸਣ ਲਈ ਬਾਦਲ ਸਰਕਾਰ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ।
ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਜੇ.ਐਸ ਕੰਗ ਅਤੇ ਕਿਸਾਨ ਆਗੂ ਅਹਿਬਾਬ ਸਿੰਘ ਗਰੇਵਾਲ ਨੇ ਸਰਕਾਰ ਉੱਤੇ ਕਿਸਾਨਾਂ ਦੀ ਅਣਦੇਖੀ ਕਰਨ ਦੇ ਮੁੱਦੇ ਬਾਰੇ ਬੋਲਦਿਆਂ ਕਿਹਾ ਕਿ ਬਾਦਲ ਸਰਕਾਰ ਕਿਸਾਨਾਂ ਅਤੇ ਖੇਤ ਮਜਦੂਰਾਂ ਲਈ ਭਲਾਈ ਸਕੀਮਾਂ ਬਣਾਉਣ ਤੋਂ ਮੁਨਕਰ ਹੋ ਰਹੀ ਹੈ ਅਤੇ ਜਿਸ ਕਾਰਨ ਹਰ ਰੋਜ਼ ਪੰਜਾਬ ਵਿਚ ਅਨੇਕਾਂ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਦੇ ਤਿੰਨ ਬਲਾਕਾਂ ਦੀਆਂ ਪੰਚਾਇਤਾਂ ਦੁਆਰਾ ਮਤੇ ਪਾਉਣ ਤੋਂ ਬਾਅਦ ਖੁਦਕੁਸ਼ੀ ਕੀਤੇ ਕਿਸਾਨਾਂ ਅਤੇ ਮਜਦੂਰਾਂ ਦੀ ਗਿਣਤੀ ਕਿਸਾਨਾਂ ਦੇ ਮਸੀਹਾ ਅਖਵਾਉਣ ਵਾਲੇ ਪਰਕਾਸ਼ ਸਿੰਘ ਬਾਦਲ ਦਾ ਅਸਲ ਰੂਪ ਪੇਸ਼ ਕਰਦੀ ਹੈ। ਪੰਚਾਇਤੀ ਮਤਿਆਂ ਅਨੁਸਾਰ ਸਿਰਫ ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਦੇ ਤਿੰਨ ਬਲਾਕਾਂ ਵਿਚ ਹੀ ਪਿਛਲੇ 6 ਮਹੀਨੀਆਂ ਵਿਚ 30 ਖੁਦਕੁਸ਼ੀਆਂ ਦੀ ਪੁਸ਼ਟੀ ਹੋਈ ਹੈ।

ਕੰਗ ਨੇ ਕਿਹਾ ਕਿ ਇਕ ਪਾਸੇ ਤਾਂ ਦੇਸ਼ ਵਿਚ ਸਰਕਾਰ ਵੱਡੇ ਘਰਾਣਿਆਂ ਦੇ ਹਜ਼ਾਰਾਂ ਕਰੋੜ ਦੇ ਕਰਜ਼ੇ ਮੁਆਫ ਕਰ ਰਹੀ ਹੈ ਪਰੰਤੂ ਦੂਜੇ ਪਾਸੇ ਪੰਜਾਬ ਅਤੇ ਦੇਸ਼ ਦੇ ਬਾਕੀ ਹਿੱਸਿਆਂ ਵਿਚ ਕਿਸਾਨ ਅਤੇ ਖੇਤ ਮਜ਼ਦੂਰ ਮਾਮੂਲੀ ਕਰਜ਼ਿਆਂ ਤੋਂ ਤੰਗ ਆ ਕੇ ਖੁਦਕੁਸ਼ੀਆਂ ਦੇ ਰਾਹ ਅਖਤਿਆਰ ਕਰ ਰਹੇ ਹਨ। ਆਗੂ ਨੇ ਪੁਛਿਆ ਕਿ ਜੇਕਰ ਅੰਬਾਨੀ, ਅਦਾਨੀ, ਵਿਜੈ ਮਾਲਿਆ ਆਦਿ ਧਨਾਢਾਂ ਦੇ ਹਜ਼ਾਰਾਂ ਕਰੋੜਾਂ ਦੇ ਕਰਜ਼ੇ ਮੁਆਫ ਕੀਤੇ ਜਾ ਸਕਦੇ ਹਨ ਤਾਂ ਇਨ੍ਹਾਂ ਕਿਸਾਨਾਂ ਦੀ ਜਾਨ ਬਚਾਉਣ ਲਈ ਕੁਝ ਕੁ ਹਜ਼ਾਰਾਂ ਜਾਂ ਲੱਖਾਂ ਦੇ ਕਰਜ਼ੇ ਮੁਆਫ ਕਰਕੇ ਕਿਸਾਨੀ ਨੂੰ ਕਿਉਂ ਨਹੀਂ ਬਚਾਇਆ ਜਾ ਸਕਦਾ।
ਕੰਗ ਅਤੇ ਅਹਿਬਾਬ ਗਰੇਵਾਲ ਦੇ ਅਨੁਸਾਰ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਵਿਚੋਂ ਬਹੁਤਿਆਂ ਕੋਲ 5 ਏਕੜ ਜਾਂ ਉਸ ਤੋਂ ਘੱਟ ਦੀ ਜ਼ਮੀਨ ਹੈ ਅਤੇ ਉਨ੍ਹਾਂ ਸਿਰ ਚੜ੍ਹੇ ਕਰਜ਼ੇ ਦਾ ਮੁੱਖ ਕਾਰਨ ਵੀ ਸਰਕਾਰ ਦੀਆਂ ਗਲਤ ਨੀਤੀਆਂ ਹੀ ਸਨ। ਗਰੇਵਾਲ ਨੇ ਕਿਹਾ ਕਿ ਇਸ ਤੋਂ ਵੀ ਸ਼ਰਮਨਾਕ ਗੱਲ ਸਰਕਾਰ ਦੁਆਰਾ ਵੱਖ-ਵੱਖ ਸਮਿਆਂ ‘ਤੇ ਖੁਦਕੁਸ਼ੀ ਪੀੜਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਨੂੰ ਭਵਿੱਖ ਵਿਚ ਖੇਤੀ ਦੇ ਧੰਦੇ ਨੂੰ ਕਰਨ ਲਈ ਸਹਾਇਤਾ ਦੇਣ ਦੇ ਵਾਅਦੇ ਤੋਂ ਵੀ ਮੁਨਕਰ ਹੋ ਜਾਣਾ ਹੈ। ਪੰਜਾਬ ਸਰਕਾਰ ਦੁਆਰਾ ਖੁਦਕੁਸ਼ੀ ਪੀੜਿਤ ਪਰਿਵਾਰ ਨੂੰ 3 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਮੁੜ ਵਸੇਬੇ ਦੀ ਗੱਲ ਕਹੀ ਗਈ ਹੈ, ਪਰੰਤੂ ਹਜ਼ਾਰਾਂ ਹੀ ਅਜਿਹੇ ਕਿਸਾਨ ਪਰਿਵਾਰ ਹਨ ਜੋ ਪਰਿਵਾਰਕ ਮੈਂਬਰ ਦੀ ਖੁਦਕੁਸ਼ੀ ਤੋਂ ਬਾਅਦ ਸਰਕਾਰੀ ਸਹਾਇਤਾ ਪ੍ਰਾਪਤ ਕਰਨ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ।
‘ਆਪ’ ਆਗੂਆਂ ਨੇ ਮੰਗ ਕੀਤੀ ਕਿ ਸਮੇਂ ਸਮੇਂ ‘ਤੇ ਨਕਲੀ ਸਪਰੇਆਂ, ਖਾਦਾਂ ਅਤੇ ਖੇਤੀ ਨਾਲ ਸੰਬੰਧਤ ਹੋਰ ਘੋਟਾਲੇ ਕਰਨ ਵਾਲੇ ਅਧਿਕਾਰੀਆਂ ਅਤੇ ਨੇਤਾਵਾਂ ਉਤੇ ਸਖਤ ਕਾਰਵਾਈ ਕੀਤੀ ਜਾਵੇ।