ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਆਪਣੇ ਪੱਖ ਨੂੰ ਹੋਰ ਮਜ਼ਬੂਤ ਕਰਨ ਦੇ ਇਰਾਦੇ ਨਾਲ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਪਹੁੰਚ ਰਹੇ ਹਨ। ਉਹ ਅੱਜ ਅਨੰਦਪੁਰ ਸਾਹਿਬ ਨਜ਼ਦੀਕ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਬਾਬੂ ਕਾਂਸ਼ੀ ਰਾਮ ਦੇ ਨਾਨਕੇ ਪਿੰਡ ਪ੍ਰਿਥੀਪੁਰ ਵਿਖੇ ਉਨ੍ਹਾਂ ਦੇ ਜਨਮ ਦਿਹਾੜੇ ਸਬੰਧੀ ਕਰਵਾਏ ਜਾ ਰਹੇ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚਣਗੇ।ਇਸ ਤੋਂ ਬਾਅਦ ਕੇਜਰੀਵਾਲ ਕੇਸਗੜ੍ਹ ਸਾਹਿਬ ਵਿਖੇ ਵੀ ਜਾਣਗੇ।

ਜਿਕਰਯੋਗ ਹੈ ਕਿ ਅੱਜ ਬਹੁਜਨ ਸਮਾਜ ਪਾਰਟੀ ਵੱਲੋਂ ਵੀ ਬਾਬੂ ਕਾਂਸ਼ੀ ਰਾਮ ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਨਵਾਂਸ਼ਹਿਰ ਵਿੱਚ ਇੱਕ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਪਾਰਟੀ ਪ੍ਰਧਾਨ ਮਾਇਆਵਤੀ ਵੀ ਪਹੁੰਚ ਰਹੇ ਹਨ।
15 ਮਾਰਚ ਦੀ ਇਸ ਫੇਰੀ ਨੂੰ ਕੇਜਰੀਵਾਲ ਨੇ ਪੂਰੀ ਤਰ੍ਹਾਂ ਪੰਜਾਬ ਦੇ ਦਲਿਤ ਵੋਟ ਬੈਂਕ ਨਾਲ ਜੋੜ ਦਿੱਤਾ ਹੈ। ਜਿਸ ਦੇ ਤਹਿਤ ਉਹ ਬਾਬੂ ਕਾਂਸ਼ੀ ਰਾਮ ਦੇ ਜਨਮ ਦਿਹਾੜੇ ਵਿੱਚ ਸ਼ਮੂਲੀਅਤ ਤੋਂ ਇਲਾਵਾ ਦੋਆਬੇ ਵਿਚਲੇ ਤਿੰਨ ਡੇਰਿਆਂ ਵਿੱਚ ਵੀ ਜਾਣਗੇ। ਆਪਣੇ ਇਸ ਦੌਰੇ ਦੌਰਾਨ ਉਹ ਡੇਰਾ ਬੱਲਾਂ ਦੇ ਮੁਖੀ ਨਿਰੰਜਣ ਦਾਸ ਨੂੰ ਵੀ ਮਿਲਣਗੇ। ਜਿਕਰਯੋਗ ਹੈ ਕਿ ਇਸ ਡੇਰੇ ਨਾਲ ਵੱਡੀ ਗਿਣਤੀ ਵਿੱਚ ਰਵੀਦਾਸੀਆ ਭਾਈਚਾਰਾ ਜੁੜਿਆ ਹੋਇਆ ਹੈ।ਇਸ ਤੋਂ ਪਹਿਲਾਂ ਵੀ ਵਾਰਾਣਸੀ ਵਿਖੇ ਕੇਜਰੀਵਾਲ ਸੰਤ ਨਿਰੰਜਣ ਦਾਸ ਨੂੰ ਮਿਲ ਚੁੱਕੇ ਹਨ।
ਇਸ ਤੋਂ ਬਾਅਦ ਉਹ ਨਿਰਮਲ ਕੁਟੀਆ ਸੀਚੇਵਾਲ ਦੇ ਮੁਖੀ ਬਲਬੀਰ ਸਿੰਘ ਸੀਚੇਵਾਲ ਨੂੰ ਮਿਲਣਗੇ।