ਨਵੀਂ ਦਿੱਲੀ (10 ਫਰਵਰੀ, 2017): ਦਿੱਲੀ ਦੀ ਤਿਹਾੜ ਜੇਲ ਵਿੱਚ ਬੰਦ ਸਿੱਖ ਜੁਝਾਰੂ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਸੁਰੱਖਿਆ ਮੁਲਾਜ਼ਮਾਂ ਦੀ ਘਾਟ ਹੋਣ ਕਾਰਨ ਭਾਈ ਜਗਤਾਰ ਸਿੰਘ ਹਵਾਰਾ ਨੂੰ ਐਫ ਆਈ ਆਰ ਨੰ. 229/05 ਅਲੀਪੁਰ ਥਾਣਾ ਧਾਰਾ 120 ਬੀ, 121 ਅਤੇ 307 ਅਧੀਨ ਅੱਜ ਜੱਜ ਰੀਤਿਸ਼ ਸਿੰਘ ਦੀ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ।

ਬੀਤੇ ਦਿਨ ਅਦਾਲਤ ਵੱਲੋਂ ਤਿਹਾੜ ਜੇਲ੍ਹ ਨੂੰ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਵਾਰੰਟ ਭੇਜੇ ਗਏ ਸਨ ਪਰ ਅੱਜ ਤਿਹਾੜ ਜੇਲ ਨੇ ਸੁਰੱਖਿਆ ਕਰਮੀਆਂ ਦੀ ਘਾਟ ਦਰਸਾ ਕੇ ਭਾਈ ਹਵਾਰਾ ਨੂੰ ਅਦਾਲਤ ਵਿਚ ਪੇਸ਼ ਨਹੀਂ ਕੀਤਾ।
ਮਾਮਲੇ ਦੀ ਅਗਲੀ ਸੁਣਵਾਈ 18 ਫਰਵਰੀ ਨੂੰ ਪੇਸ਼ੀ ਰਾਹੀਂ ਹੋਵੇਗੀ। ਬੇਸ਼ੱਕ ਜੇਲ੍ਹ ਪ੍ਰਸ਼ਾਸਨ ਵੱਲੋਂ ਸੁਰੱਖਿਆ ਕਰਮੀਆਂ ਦੀ ਘਾਟ ਦਰਸਾਈ ਗਈ ਸੀ ਪ੍ਰੰਤੂ ਅਦਾਲਤ ਵਿਚ ਸੁਰੱਖਿਆ ਦੇ ਭਾਰੀ ਬੰਦੋਬਸਤ ਕੀਤੇ ਗਏ ਸਨ।
ਭਾਈ ਹਵਾਰਾ ਨੂੰ ਚੰਡੀਗੜ੍ਹ ਦੀ ਅਦਾਲਤ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਜੋ ਬਾਅਦ ਵਿੱਚ ਪੰਜਾਬ ਅਤੇ ਹਰਿਆਣਾ ਕੋਰਟ ਨੇ ਉਮਰ ਭਰ ਲਈ ਜੇਲ ਵਿੱਚ ਰਹਿਣ ਦੀ ਸਜ਼ਾ ਵਿੱਚ ਬਦਲ ਦਿੱਤੀ ਸੀ। ਇਸ ਸਮੇਂ ਉਨ੍ਹਾਂ ਦਾ ਕੇਸ ਭਾਰਤੀ ਸੁਪਰੀਮ ਕੋਰਟ ਵਿੱਚ ਸੁਣਵਾਈ ਅਧੀਨ ਹੈ।