ਬਠਿੰਡਾ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਬਣਨ ਦੇ ਸ਼ੁਕਰਾਨੇ ਵਜੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ, ਪਾਰਟੀ ਦੇ ਪੰਜਾਬ ਕਨਵੀਨਰ ਭਗਵੰਤ ਮਾਨ ਤੇ ਹੋਰ ਪਾਰਟੀ ਆਗੂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਗਏ। ਉਨ੍ਹਾਂ ਦੇ ਇੱਥੇ ਪੁੱਜਣ ’ਤੇ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਨੇ ਸਵਾਗਤ ਕੀਤਾ।
ਤਖ਼ਤ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਸੁਖਪਾਲ ਸਿੰਘ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਿਰਫ਼ ਨਾਮ ਦੀ ਹੀ ਸਰਕਾਰ ਬਦਲੀ ਹੈ। ਕਾਂਗਰਸ ਸਰਕਾਰ ਦੇ ਮੰਤਰੀਆਂ ਤੇ ਆਗੂਆਂ ਨੇ ਉਹੀ ਰਸਤੇ ਅਖ਼ਤਿਆਰ ਕਰ ਲਏ ਹਨ, ਜਿਨ੍ਹਾਂ ਰਸਤਿਆਂ ’ਤੇ ਪਿਛਲੇ ਦਸ ਸਾਲ ਬਾਦਲ ਹੁਰੀਂ ਚਲਦੇ ਰਹੇ ਹਨ।

ਖਹਿਰਾ ਨੇ ਕਿਹਾ ਕਿ ਸਿਰਫ਼ ਪੱਗਾਂ ਦੇ ਰੰਗ ਹੀ ਬਦਲੇ ਹਨ, ਬਾਕੀ ਕਾਂਗਰਸ ਸਰਕਾਰ ਵੀ ਪਿਛਲੀ ਬਾਦਲ ਸਰਕਾਰ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਰਨਾਟਕ ਦੀ ਤਰਜ਼ ’ਤੇ ਪੰਜਾਬ ਵਿੱਚ ਐਗਰੀਕਲਚਰ ਐਂਮਰਜੈਂਸੀ ਲਾ ਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ਿਆਂ ਦੀ ਵਸੂਲੀ ’ਤੇ ਰੋਕ ਲਾਉਣੀ ਚਾਹੀਦੀ ਹੈ। ‘ਆਪ’ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਜਬਰ ਵਿਰੋਧੀ ਲਹਿਰ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਜੋ ਦਸ ਸਾਲ ਲੋਕਾਂ ’ਤੇ ਜਬਰ ਢਾਹੁੰਦੇ ਰਹੇ ਹਨ, ਉਨ੍ਹਾਂ ਨੂੰ ਹੁਣ ਸੱਤਾ ਤੋਂ ਬਾਹਰ ਹੋ ਕੇ ਪਤਾ ਲੱਗਾ ਕਿ ਜਬਰ ਕੀ ਹੁੰਦਾ ਹੈ। ਪਾਰਟੀ ਆਗੂਆਂ ਤੇ ਵਰਕਰਾਂ ਨੇ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਤੇ ਦਸਵੀਂ ਵਿਖੇ ਮੱਥਾ ਟੇਕਿਆ ਅਤੇ ਇਤਿਹਾਸਕ ਸਰੋਵਰ ਦੀ ਚੱਲ ਰਹੀ ਕਾਰ ਸੇਵਾ ਦੌਰਾਨ ਗਾਰ ਕੱਢੀ।
ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਸਰਕਾਰ ਆਉਣ ਨਾਲ ਕਿਸਾਨ ਖ਼ੁਦਕੁਸ਼ੀਆਂ ਘਟਣ ਦੀ ਥਾਂ ਵਧ ਗਈਆਂ ਹਨ ਤੇ ਇਸ ਗੰਭੀਰ ਮਸਲੇ ’ਤੇ ਵਿਚਾਰ ਕਰਨ ਲਈ ਵਿਧਾਨ ਸਭਾ ਦਾ ਫ਼ੌਰੀ ਸੈਸ਼ਨ ਸੱਦਿਆ ਜਾਵੇ। ਉਨ੍ਹਾਂ ਬਾਦਲ ਦਲ ਵੱਲੋਂ ਸ਼ੁਰੂ ਕੀਤੀ ਜਾ ਰਹੀ ਜਬਰ ਵਿਰੋਧੀ ਲਹਿਰ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਜਿਨ੍ਹਾਂ ਪਾਰਟੀਆਂ ਅਤੇ ਆਗੂਆਂ ਨੇ ਲੋਕਾਂ ਦੇ ਜਮਹੂਰੀ ਸੰਘਰਸ਼ਾਂ ’ਤੇ ਜ਼ੁਲਮ ਢਾਹੇ ਹੋਣ, ਉਹ ਕਿਹੜੇ ਮੂੰਹ ਨਾਲ ਜਬਰ ਵਿਰੋਧੀ ਲਹਿਰ ਦੀ ਗੱਲ ਕਰਦੇ ਹਨ। ਸੁਖਪਾਲ ਖਹਿਰਾ ਨੇ ਦੱਸਿਆ ਕਿ ਡਾ. ਧਰਮਵੀਰ ਗਾਂਧੀ ਤੇ ਹਰਿੰਦਰ ਸਿੰਘ ਖ਼ਾਲਸਾ ਨੂੰ ਪਾਰਟੀ ਵਿੱਚ ਲਿਆਉਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ।