ਅੰਮ੍ਰਿਤਸਰ (10 ਅਕਤੂਬਰ, 2014): ਲਹਿੰਦੇ ਪੰਜਾਬ ਦੀ ਸਰਕਾਰ ਨੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨੀ ਪੰਜਾਬ ਸਰਕਾਰ ਨੇ 28 ਮਈ 2014 ਨੂੰ ਇਹ ਫੈਸਲਾ ਕੀਤਾ ਹੈ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੂਬੇ ਵਿੱਚ ਸਰਕਾਰੀ ਛੁੱਟੀ ਰਹੇਗੀ ।
ਗੁਰੂ ਨਾਨਕ ਸਹਿਬ ਦੇ ਜਨਮ ਦਿਹਾੜੇ ‘ਤੇ ਛੁੱਟੀ ਸਬੰਧੀ ਜਾਣਕਾਰੀ ਲਹਿੰਦੇ ਪੰਜਾਬ ਦੀ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰ ਅਵਤਾਰ ਸਿੰਘ ਮੱਕੜ ਨੂੰ ਇਕ ਈਮੇਲ ਰਾਹੀਂ ਭੇਜੀ ਹੈ ।

ਇਸ ਫੈਸਲੇ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰ ਅਵਤਾਰ ਸਿੰਘ ਮੱਕੜ ਨੇ ਪਾਕਿਸਤਾਨੀ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ ਅਤੇ ਲਹਿੰਦੇ ਪੰਜਾਬ ਦੇ ਮੰਤਰੀ ਸ੍ਰ ਰਮੇਸ਼ ਸਿੰਘ ਅਰੋੜਾ ਦਾ ਵਿਸ਼ੇਸ਼ ਤੌਰ ਤੇ ਧਨਵਾਦਿ ਕੀਤਾ ਹੈ ਜਿਨ੍ਹਾਂ ਨੇ ਇਸ ਕਾਰਜ ਲਈ ਅਹਿਮ ਭੂਮਿਕਾ ਨਿਭਾਈ ।
ਪਾਕਿਸਤਾਨੀ ਪੰਜਾਬ ਸਰਕਾਰ ਦੇ ਇਸ ਐਲਾਨ ਬਾਅਦ ਸ਼੍ਰੋਮਣੀ ਕਮੇਟੀ ਗਲਿਆਰਿਆਂ ਵਿੱਚ ਇਹ ਚਰਚਾ ਸ਼ੁਰੂ ਹੋ ਚੁਕੀ ਹੈ ਕਿ ਇਹ ਛੁੱਟੀ ਸ਼੍ਰੋਮਣੀ ਕਮੇਟੀ ਦੁਆਰਾ ਸਾਲ 2010 ਵਿੱਚ ਸੋਧੇ ਗਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਏ ਜਾਣ ਵਾਲੇ ਪੁਰਬ ਮੌਕੇ ਹੋਵੇਗੀ ਜਾਂ ਸ੍ਰ ਪਾਲ ਸਿੰਘ ਪੁਰੇਵਾਲ ਦੁਆਰਾ ਸੂਰਜੀ ਪ੍ਰਣਾਲੀ ਤੇ ਅਧਾਰਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਏ ਜਾਣ ਵਾਲੇ ਪੁਰਬ ਮੌਕੇ ।
ਜਿਕਰਯੋਗ ਹੈ ਕਿ ਪਾਕਿਸਤਾਨ ਸਰਕਾਰ ਸਾਲ 2003 ਵਿੱਚ ਲਾਗੂ ਕੀਤੇ ਨਾਨਕਸ਼ਾਹੀ ਕੈਲੰਡਰ ਨੂੰ ਮੰਨ ਰਹੀ ਹੈ ਅਤੇ ਸਾਲ 2012 ਤੋਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦਰਮਿਆਨ ਇਸ ਗਲ ਨੂੰ ਲੈਕੇ 36 ਦਾ ਅੰਕੜਾ ਚਲ ਰਿਹਾ ਹੈ ਕਿ ਪਾਕਿਸਤਾਨ ਗੁਰਦੁਆਰਾ ਪਰਬੰਧਕ ਕਮੇਟੀ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਨਹੀ ਦਿੰਦੀ ਜਦਕਿ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਭੇਜੇ ਜਾ ਰਹੇ ਸਿੱਖ ਯਾਤਰੂ ਜਥੇ ,ਨਾਨਕਸ਼ਾਹੀ ਕੈਲੰਡਰ ਅਨੁਸਾਰ ਪੁਰਬ ਮਨਾਉਣ ਤੇ ਜੋਰ ਦਿੰਦੇ ਹਨ।