ਚੰਡੀਗੜ੍ਹ – ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਕਾਰਨ ਕਤਲ ਕੀਤੇ ਗਏ ਸ. ਪਰਵਿੰਦਰ ਸਿੰਘ ਝੋਟਾ ਨਮਿਤ ਅੰਤਿਮ ਅਰਦਾਸ ਸਮਾਗਮ ਕੱਲ ਮਿਤੀ 15 ਨਵੰਬਰ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।

ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕੰਵਲਜੀਤ ਸਿੰਘ ਦੇ ਜਥੇ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਅਤੇ ਭਾਈ ਬਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਾ ਤਸਕਰੀ ਦੇ ਖ਼ਾਤਮੇ ਲਈ ਸਰਕਾਰਾਂ ਤੇ ਹਾਕਮਾਂ ਨੂੰ ਸੁਮੱਤ ਬਖ਼ਸ਼ੀ ਜਾਵੇ। ਇਸ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ ਲਿਆ।

ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਨੇ ਇਸ ਮੌਕੇ ਪਹੁੰਚੀ ਸੰਗਤ, ਵੱਖ-ਵੱਖ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨਸਾਫ਼ ਲਈ ਮਾਨਸਾ ਵਿਖੇ ਲੱਗੇ ਮੋਰਚੇ ਦੌਰਾਨ ਵੱਖ-ਵੱਖ ਜਥੇਬੰਦੀਆਂ, ਐਂਟੀ ਡਰੱਗ ਫੋਰਸ ਅਤੇ ਸੰਘਰਸ਼ ਕਮੇਟੀ ਵੱਲੋਂ ਦਿੱਤਾ ਗਿਆ ਸਹਿਯੋਗ ਪਰਿਵਾਰ ਲਈ ਹੌਸਲੇ ਅਤੇ ਤਾਕਤ ਦਾ ਵੱਡਾ ਸਾਧਨ ਬਣਿਆ।

ਅੰਤਿਮ ਅਰਦਾਸ ਮੌਕੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸ੍ਰੋ.ਗੁ.ਪ੍ਰ. ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਭੂੰਦੜ, ਸ. ਸਿਮਰਨਜੀਤ ਸਿੰਘ ਮਾਨ, ਬਾਪੂ ਤਰਸੇਮ ਸਿੰਘ, ਬੀਬੀ ਬਲਜਿੰਦਰ ਕੌਰ. ਸ. ਮਨਪ੍ਰੀਤ ਸਿੰਘ ਇਆਲੀ, ਸ. ਪਰਮਿੰਦਰ ਸਿੰਘ ਢੀਂਡਸਾ, ਮਨਜੀਤ ਸਿੰਘ ਧਨੇਰ ਆਦਿ ਹਾਜ਼ਰ ਸਨ।