ਚੰਡੀਗੜ੍ਹ: ਤਖ਼ਤ ਸਾਹਿਬਾਨ ਦੇ ਜਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਦਿੱਤੀ ਗਈ ਮੁਆਫੀ ਅਤੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਕੁਝ ਸਿੱਖ ਜਥੇਬੰਦੀਆਂ ਵੱਲੋਂ 10 ਨਵੰਬਰ ਬੁਲਾਏ ਗਏ ਸਰਬੱਤ ਖਾਲਸਾ ਸਮਾਗਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਕੇਂਦਰੀ ਸੁਰੱਖਿਆ ਬਲਾਂ ਦੀਆਂ 25 ਕੰਪਨੀਆਂ ਦੀ ਮੰਗ ਕੀਤੀ ਗਈ ਹੈ।

ਸੂਤਰਾਂ ਅਨੁਸਾਰ ਕੱਲ੍ਹ ਰਾਤ ਤੱਕ ਪੰਜਾਬ ਸਰਕਾਰ ਨੂੰ 14 ਸੁਰੱਖਿਆ ਕੰਪਨੀਆਂ ਪ੍ਰਾਪਤ ਹੋ ਚੁੱਕੀਆਂ ਹਨ ਜਿਹਨਾਂ ਵਿੱਚੋਂ 10 ਕੰਪਨੀਆਂ ਸਰਬੱਤ ਖਾਲਸਾ ਸਮਾਗਮ ਵਾਲੀ ਜਗ੍ਹਾ ਮਜੀਠਾ ਵਿਖੇ ਤਾਇਨਾਤ ਕੀਤੀਆਂ ਗਈਆਂ ਹਨ, 2 ਕੰਪਨੀਆਂ ਅੰਮ੍ਰਿਤਸਰ ਸਾਹਿਬ ਵਿਖੇ ਅਤੇ ਇੱਕ ਇੱਕ ਲੁਧਿਆਣਾ ਤੇ ਜਲੰਧਰ ਵਿਖੇ ਤਾਇਨਾਤ ਕੀਤੀਆਂ ਗਈਆਂ ਹਨ।ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਨਾਲ ਮਜੀਠਾ ਵਿਖੇ ਪੰਜਾਬ ਸਰਕਾਰ ਵੱਲੋਂ ਪੀ.ਏ.ਪੀ ਅਤੇ ਪੰਜਾਬ ਬਾਰਡਰ ਪੁਲਿਸ ਦੀਆਂ ਕੰਪਨੀਆਂ ਵੀ ਤਾਇਨਾਤ ਕੀਤੀਆਂ ਜਾਣਗੀਆਂ।
ਵੱਡੇ ਪੱਧਰ ਤੇ ਹੋ ਰਹੀ ਸੁਰੱਖਿਆਂ ਬਲਾਂ ਦੀ ਤਾਇਨਾਤੀ ਦਾ ਕਾਰਣ ਰਾਜ ਦੇ ਖੁਫੀਆ ਵਿਭਾਗ ਵੱਲੋਂ ਆਈਆਂ ਰਿਪੋਰਟਾਂ ਨੂੰ ਮੰਨਿਆ ਜਾ ਰਿਹਾ ਹੈ ਜਿਸ ਅਨੁਸਾਰ ਸਰਬੱਤ ਖਾਲਸਾ ਸਮਾਗਮ ਵਿੱਚ ਵੱਡਾ ਇਕੱਠ ਹੋਣ ਕਾਰਨ ਸ਼ਰਾਰਤੀ ਅਨਸਰਾਂ ਵੱਲੋਂ ਬਦਅਮਨੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ ਅਤੇ ਇਕੱਠ ਵਿੱਚ ਪਹੁੰਚੇ ਲੋਕਾਂ ਨੂੰ ਇਸ ਲਈ ਉਕਸਾਇਆ ਜਾ ਸਕਦਾ ਹੈ।
ਇਸ ਸੰਬੰਧੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣੇ ਗ੍ਰਹਿ ਵਿਖੇ ਸੁਰੱਖਿਆ ਪ੍ਰਬੰਧਾਂ ਦੇ ਜਾਇਜ਼ਾ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਉੱਪ ਮੁੱਖ ਮੰਤਰੀ ਅਤੇ ਇੱਕ ਸੀਨੀਅਰ ਅਕਾਲੀ ਆਗੂ ਵੀ ਮੋਜੂਦ ਸੀ।
ਜਿਕਰਯੋਗ ਹੈ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਅੱਜ ਦੇ ਪੰਜਾਬ ਦੇ ਹਾਲਾਤਾਂ ਨੂੰ 1980-90 ਦੇ ਸਿੱਖ ਸੰਘਰਸ਼ ਦੇ ਸਮੇ ਨਾਲੋਂ ਵੀ ਵੱਧ ਗੰਭੀਰ ਸਮਝਿਆ ਜਾ ਰਿਹਾ ਹੈ।ਮੁੱਖ ਮੰਤਰੀ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਕਿ ਤਿਉਹਾਰਾਂ ਦੇ ਮੌਕੇ ਤੇ ਸ਼ਹਿਰਾਂ ਵਿੱਚ ਦਹਿਸ਼ਤ ਵਾਲਾ ਮਾਹੌਲ ਪੈਦਾ ਨਾ ਹੋਣ ਦਿੱਤਾ ਜਾਵੇ ਤੇ ਇਨ੍ਹਾਂ ਦਿਨਾਂ ਦੋਰਾਨ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਸ਼ਰਾਰਤੀ ਅਨਸਰ ਹਾਲਾਤ ਦਾ ਫਾਇਦਾ ਨਾ ਉਠਾ ਸਕਣ।