ਫ਼ਤਹਿਗੜ੍ਹ ਸਾਹਿਬ, (15 ਮਈ 2014): – ਬੁੱਧਵਾਰ ਨੂੰ ਹੈਦਰਾਬਾਦ ਦੇ ਪੁਰਾਣੇ ਸ਼ਹਿਰ ਦੇ ਨਾਲ ਬਹਾਦਰਪੁਰਾ ਨਜ਼ਦੀਕ ਸਿੱਖ ਛਾਉਣੀ ‘ਚ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਇੱਕ ਨਿਸ਼ਾਨ ਸਾਹਿਬ ਨੂੰ ਸਾੜਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ ਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ 16 ਮਈ ਨੂੰ 3 ਮੈਂਬਰੀ ਟੀਮ, ਜਿਸ ‘ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਸੁਖਦੇਵ ਸਿੰਘ ਭੌਰ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਤੇ ਸ. ਰੂਪ ਸਿੰਘ ਸ਼ਾਮਿਲ ਹਨ, ਹੈਦਰਾਬਾਦ ਸਾਰੇ ਹਲਾਤਾਂ ਦਾ ਜਾਇਜ਼ਾ ਲੈਣਗੇ ਲਈ ਭੇਜੀ ਜਾਏਗੀ, ਜੋ ਉੱਥੇ ਵਾਪਰੀ ਘਟਨਾ ਦੀ ਪੂਰੀ ਜਾਣਕਾਰੀ ਇਕੱਠੀ ਕਰਕੇ ਸਾਰੇ ਤੱਥਾਂ ਤੋਂ ਸ਼੍ਰੋਮਣੀ ਕਮੇਟੀ ਨੂੰ ਜਾਣੂ ਕਰਵਾਵੇਗੀ।ਅਜੀਤ ਅਖ਼ਬਾਰ ਅਨੁਸਾਰ ਅੱਜ ਫਤਹਿਗੜ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨਵਿਰਸਿਟੀ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸਬੰਧ ‘ਚ ਆਂਧਰਾ ਪ੍ਰਦੇਸ਼ ਦੇ ਰਾਜਪਾਲ ਨੂੰ ਵੀ ਲਿਖਤੀ ਪੱਤਰ ਭੇਜ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੇ ਜਾਣ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ।