ਮਾਨਹਾਈਮ, ਜਰਮਨੀ (8 ਅਪ੍ਰੈਲ, 2015): ਭਾਰਤ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਦਿਨਾਂ ਚ ਫਰਾਂਸ, ਕੈਨੇਡਾ ਤੇ ਜਰਮਨੀ ਦੇ ਸਰਕਾਰੀ ਦੌਰੇ ‘ਤੇ ਆ ਰਿਹਾ ਹੈ । ਜਰਮਨੀ ਦੇ ਦੌਰੇ ਦੌਰਾਨ ਮੋਦੀ ਦੇ ਵਿਰੁੱਧ ਜਰਮਨੀ ਦੀਆਂ ਸਿੱਖ ਜਥੇਬੰਦੀਆਂ ਸਿੱਖ ਫੈਡਰੇਸ਼ਨ ਜਰਮਨੀ, ਬੱਬਰ ਖਾਲਸਾ ਜਰਮਨੀ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜਰਮਨੀ ਤੇ ਦਲ ਖਾਲਸਾ ਜਰਮਨੀ ਵੱਲੋਂ ਰੋਸ ਮੁਜ਼ਾਹਰੇ ਦਾ ਸਾਂਝੇ ਤੌਰ ‘ਤੇ ਸੱਦਾ ਦਿੱਤਾ ਗਿਆ ਹੈ ।

ਜਥੇਬੰਦੀਆਂ ਦੇ ਆਗੂਆਂ ਭਾਈ ਗੁਰਮੀਤ ਸਿੰਘ ਖਨਿਆਨ, ਭਾਈ ਰੇਸ਼ਮ ਸਿੰਘ ਬੱਬਰ, ਭਾਈ ਲਖਵਿੰਦਰ ਸਿੰਘ ਮੱਲ੍ਹੀ, ਭਾਈ ਸੋਹਨ ਸਿੰਘ ਕੰਗ ਤੇ ਭਾਈ ਸੁਰਿੰਦਰਪਾਲ ਸਿੰਘ ਸੇਖੋਂ ਵੱਲੋਂ ਭਾਈ ਜਤਿੰਦਰਬੀਰ ਸਿੰਘ ਪਧਿਆਣਾ ਨੇ ਜਾਰੀ ਬਿਆਨ ਵਿਚ ਕਿਹਾ ਕਿ ਭਾਰਤ ਵਿਚ ਘੱਟ ਗਿਣਤੀ ਲੋਕਾਂ ਨਾਲ ਦੂਜੇ ਦਰਜੇ ਦੇ ਸ਼ਹਿਰੀਆਂ ਵਾਲੀ ਬਦਸਲੂਕੀ ਹੋ ਰਹੀ ਹੈ ।
ਰੋਸ ਮੁਜ਼ਾਹਰੇ ਦੇ ਪ੍ਰਬੰਧਕਾਂ ਅਨੁਸਾਰ ਵੱਲੋਂ ਭਾਰਤੀ ਪ੍ਰਧਾਨ ਮੰਤਰੀ ਵੱਲੋਂ ਪਿੱਛਲੇ ਸਮੇਂ ਵਿੱਚ ਮਨੁੱਖੀ ਅਧਿਕਾਰਾਂ ਦਾ ਬਹੁਤ ਘਾਣ ਕੀਤਾ ਗਿਆ ਹੈ ਅਤੇ ਉਸਦੀ ਅਗਵਾਈ ਵਾਲੀ ਭਾਰਤੀ ਸਰਕਾਰ ਕੱਟੜਪੰਥੀ ਹਿੰਦੂਤਵੀ ਜੱਥੇਬੰਦੀਆਂ ਵੱਲੋਂ ਚਲਾਈ ਜਾ ਰਹੀ ਹੈ, ਜਿਹੜੀਆਂ ਕਿ ਭਾਰਤ ਵਿੱਚ ਘੱਟ ਗਿਣਤੀਆਂ ਖਾਸ ਕਰਕੇ ਮੁਸਲਮਾਨਾਂ ਅਤੇ ਈਸਾਈਆਂ ‘ਤੇ ਹੋ ਰਹੇ ਹਮਲਿਆਂ ਲਈ ਜਿਮੇਵਾਰ ਹਨ।