ਮਾਨਸਾ : ਵਿਦਿਆਰਥੀ ਜਥੇਬੰਦੀ ਸੱਥ ਨੇ ਪਿੰਡ ਭੰਮੇ ਕਲਾਂ ਦੇ 32 ਸਾਲਾ ਨੌਜਵਾਨ ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਮਾਨਸਾ ਇਨਸਾਫ਼ ਮੋਰਚੇ ਵਿੱਚ ਲਿਜਾਣ ਸਮੇਂ ਪੁਲਿਸ ਵੱਲੋਂ ਕਥਿਤ ਤੌਰ ’ਤੇ ਲਾਸ਼ ਖੋਹਣ, ਪਰਿਵਾਰਕ ਮੈਂਬਰਾਂ ਅਤੇ ਮੋਰਚੇ ਦੇ ਆਗੂਆਂ ਦੀ ਕੁੱਟਮਾਰ ਕਰਨ ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਦੀ ਸਖ਼ਤ ਨਿਖੇਧੀ ਕੀਤੀ ਹੈ। ਪਰਿਵਾਰ ਵੱਲੋਂ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਦਾ ਦਾਅਵਾ ਕੀਤਾ ਗਿਆ ਹੈ।

ਜਥੇਬੰਦੀ ਸੱਥ ਨੇ ਕਿਹਾ ਕਿ ਪੰਜਾਬ ਵਿੱਚ ਹਕੂਮਤੀ ਜ਼ਿਆਦਤੀਆਂ ਸਿਖਰਾਂ ’ਤੇ ਪਹੁੰਚ ਗਈਆਂ ਹਨ। ਜਿਹੜੀ ਹਕੂਮਤ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਹੋ ਰਹੀਆਂ ਹਨ ਅਤੇ ਘਰਾਂ ਵਿੱਚ ਸੱਥਰ ਵਿਛ ਰਹੇ ਹਨ, ਉਹ ਹੁਣ ਨੌਜਵਾਨਾਂ ਦੀਆਂ ਲਾਸ਼ਾਂ ਖੋਹਣ ਤੱਕ ਆ ਗਈ ਹੈ। ਜਥੇਬੰਦੀ ਨੇ ਦੋਸ਼ ਲਾਇਆ ਕਿ ਪਹਿਲਾਂ ਹਕੂਮਤਾਂ ਲਾਸ਼ਾਂ ਨੂੰ ਚੋਰੀ-ਛਿਪੇ ਹਨੇਰੇ ਵਿੱਚ ਸਾੜਦੀਆਂ ਸਨ, ਪਰ ਹੁਣ ਅਜਿਹੀਆਂ ਕਾਰਵਾਈਆਂ ਸ਼ਰੇਆਮ ਕੀਤੀਆਂ ਜਾ ਰਹੀਆਂ ਹਨ।

ਜਥੇਬੰਦੀ ਅਨੁਸਾਰ, ਪਿੰਡ ਭੰਮੇ ਕਲਾਂ ਦੇ ਨੌਜਵਾਨ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਰੋਸ ਜ਼ਾਹਿਰ ਕੀਤਾ। ਪਰਿਵਾਰ ਅਤੇ ਪਿੰਡ ਵਾਸੀ ਨੌਜਵਾਨ ਦੀ ਲਾਸ਼ ਨੂੰ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸਬੰਧੀ ਚੱਲ ਰਹੇ ਮਾਨਸਾ ਇਨਸਾਫ਼ ਮੋਰਚੇ ਵਿੱਚ ਲਿਜਾਣਾ ਚਾਹੁੰਦੇ ਸਨ। ਉਨ੍ਹਾਂ ਦਾ ਦੋਸ਼ ਸੀ ਕਿ ਪੰਜਾਬ ਵਿੱਚ ਸਰਕਾਰ ਦੀ ਸ਼ਹਿ ਹੇਠ ਘਰ-ਘਰ ਨਸ਼ਾ ਵਿਕ ਰਿਹਾ ਹੈ, ਜਿਸ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ।
ਸੱਥ ਨੇ ਦੋਸ਼ ਲਾਇਆ ਕਿ ਲਾਸ਼ ਨੂੰ ਮੋਰਚੇ ਵਿੱਚ ਲਿਜਾਣ ਸਮੇਂ ਪੁਲਿਸ ਨੇ ਸਖ਼ਤੀ ਕਰਦਿਆਂ ਲਾਸ਼ ਆਪਣੇ ਕਬਜ਼ੇ ਵਿੱਚ ਲੈ ਲਈ ਅਤੇ ਮੌਕੇ ’ਤੇ ਲਾਠੀਚਾਰਜ ਕੀਤਾ। ਜਥੇਬੰਦੀ ਮੁਤਾਬਕ, ਇਸ ਦੌਰਾਨ ਮੋਰਚੇ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਲੱਖਾ ਸਿੰਘ ਸਿਧਾਣਾ ਅਤੇ ਭਾਨਾ ਸਿੱਧੂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ। ਰਾਜ ਦੀ ਜ਼ਿੰਮੇਵਾਰੀ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਜ਼ਿੰਦਗੀ ਦੇਣਾ ਹੈ, ਪਰ ਪੰਜਾਬ ਦੇ ਲੋਕਾਂ ਨਾਲ ਬਸਤੀ ਵਾਂਗ ਸਲੂਕ ਕੀਤਾ ਜਾ ਰਿਹਾ ਹੈ। ਸੱਥ ਨੇ ਦੋਸ਼ ਲਾਇਆ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਹਕੂਮਤ ਨਸ਼ਾ ਵਿਰੋਧੀ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਹੀ ਨਿਸ਼ਾਨਾ ਬਣਾ ਰਹੀ ਹੈ।
ਜਥੇਬੰਦੀ ਨੇ ਦਾਅਵਾ ਕੀਤਾ ਕਿ ਨਸ਼ਿਆਂ ਕਾਰਨ ਪੰਜਾਬ ਦੀ ਨੌਜਵਾਨੀ ਦਾ ਵੱਡੇ ਪੱਧਰ ’ਤੇ ਨੁਕਸਾਨ ਹੋ ਰਿਹਾ ਹੈ ਅਤੇ ਇਸ ਲਈ ਸਰਕਾਰ ਤੇ ਸਰਕਾਰੀ ਤੰਤਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਪਾਰ ਨੂੰ ਰੋਕਣਾ ਅਤੇ ਇਸ ਵਿੱਚ ਸ਼ਾਮਲ ਅਨਸਰਾਂ ਖ਼ਿਲਾਫ਼ ਕਾਰਵਾਈ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਪਣੀ ਜਾਨ-ਮਾਲ, ਸੱਭਿਆਚਾਰ ਅਤੇ ਬਿਹਤਰ ਭਵਿੱਖ ਦੀ ਸੁਰੱਖਿਆ ਲਈ ਇਕਜੁੱਟ ਹੋਣ ਦੀ ਲੋੜ ਹੈ। ਜਥੇਬੰਦੀ ਨੇ ਲੋਕਾਂ ਵੱਲੋਂ ਆਪਣੇ ਹਿੱਤਾਂ ਦੀ ਰਾਖੀ ਲਈ ਆਪਣੀ ਹਕੂਮਤ ਆਪ ਘੜਨ ਨੂੰ ਮੌਜੂਦਾ ਹਾਲਾਤ ਦਾ ਹੱਲ ਦੱਸਿਆ।