ਅੰਮ੍ਰਿਤਸਰ: ਸੁਖਬੀਰ ਬਾਦਲ ’ਤੇ ਹੋਏ ਹਮਲੇ ਨਾਲ ਸਬੰਧਤ ਮਾਮਲੇ ਵਿੱਚ ਭਾਈ ਨਰਾਇਣ ਸਿੰਘ ਚੌੜਾ ਅੱਜ ਅੰਮ੍ਰਿਤਸਰ ਵਿਖੇ ਐਡੀਸ਼ਨਲ ਜੱਜ ਸੁਰਜੀਤ ਸਿੰਘ ਦੀ ਅਦਾਲਤ ਵਿੱਚ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਦੇ ਨਾਲ ਪੇਸ਼ ਹੋਏ।
ਸਿੱਖ ਸਿਆਸਤ ਨਾਲ ਜਾਣਕਾਰੀ ਸਾਂਝੀ ਕਰਦਿਆਂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਸੁਖਬੀਰ ਬਾਦਲ ’ਤੇ ਹਮਲੇ ਦੇ ਮਾਮਲੇ ਵਿੱਚ ਧਾਰਾ 307 ਤਹਿਤ ਦਰਜ ਕੇਸ ਸਬੰਧੀ ਅੱਜ ਅਦਾਲਤ ਵਿੱਚ ਪੇਸ਼ੀ ਹੋਈ। ਉਨ੍ਹਾਂ ਦੱਸਿਆ ਕਿ ਮਾਮਲਾ ਇਸ ਵੇਲੇ ਗਵਾਹੀਆਂ ਦੇ ਪੜਾਅ ’ਤੇ ਹੈ ਅਤੇ ਅੱਜ ਇੰਸਪੈਕਟਰ ਹਰਸੰਦੀਪ ਦੀ ਗਵਾਹੀ ਹੋਣ ਦੀ ਉਮੀਦ ਸੀ, ਪਰ ਕਿਸੇ ਕਾਰਨ ਉਹ ਅਦਾਲਤ ਵਿੱਚ ਹਾਜ਼ਰ ਨਹੀਂ ਹੋ ਸਕੇ। ਇਸ ਕਾਰਨ ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਨਵੰਬਰ ਨੂੰ ਹੋਵੇਗੀ।

ਐਡਵੋਕੇਟ ਮੰਝਪੁਰ ਨੇ ਕਿਹਾ ਕਿ ਇਸ ਮਾਮਲੇ ਦੀ ਅਦਾਲਤੀ ਕਾਰਵਾਈ ਹਾਲੇ ਲੰਬੀ ਚੱਲਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸੁਖਬੀਰ ਬਾਦਲ ਵੱਲੋਂ ਵੀ ਹਾਲੇ ਤੱਕ ਇਸ ਮਾਮਲੇ ਵਿੱਚ ਆਪਣੇ ਬਿਆਨ ਦਰਜ ਨਹੀਂ ਕਰਵਾਏ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸੁਖਬੀਰ ਬਾਦਲ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਕੀਤੀ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾਵੇ। ਐਡਵੋਕੇਟ ਮੰਝਪੁਰ ਮੁਤਾਬਕ ਉਕਤ ਮਾਮਲੇ ਵਿੱਚ ਵੀ ਉਨ੍ਹਾਂ ਵੱਲੋਂ ਵਕੀਲ ਪੇਸ਼ ਨਹੀਂ ਹੋ ਰਹੇ।
ਜ਼ਿਕਰਯੋਗ ਹੈ ਕਿ ਅੱਜ ਦੀ ਪੇਸ਼ੀ ਦੌਰਾਨ ਭਾਈ ਨਰਾਇਣ ਸਿੰਘ ਚੌੜਾ ਦੇ ਨਾਲ ਧਰਮ ਸਿੰਘ ਵੀ ਅਦਾਲਤ ਵਿੱਚ ਪੇਸ਼ ਹੋਏ। ਇਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਸਮਸ਼ੇਰ ਸਿੰਘ ਬਰਾੜ, ਹਲਕਾ ਮਜੀਠਾ ਦੇ ਇੰਚਾਰਜ ਕੁਲਵੰਤ ਸਿੰਘ ਕੋਟਲਾ, ਸ਼ਹਿਰੀ ਯੂਥ ਪ੍ਰਧਾਨ ਮਨਕੀਰਤ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।