ਨਿਊਯਾਰਕ: ਕੈਨੇਡਾ ਦੇ ਸ਼ਹਿਰ ਸਰੀ ਵਿਖੇ ਸਿੱਖ ਆਗੂ ਸ. ਨਰਿੰਦਰ ਸਿੰਘ ਰੰਧਾਵਾ ਦੇ ਘਰ ਦੇ ਬਾਹਰ ਹੋਏ ਹਮਲੇ ਨੇ ਵਿਦੇਸ਼ਾ ਵਿਚ ਰਹਿੰਦੇ ਸਿੱਖਾਂ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਸਿੱਖ ਕੋਆਰਡੀਨੇਸ਼ਨ ਕਮੇਟੀ ਯੂਐਸਏ, ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਏ.ਜੀ.ਪੀ.ਸੀ.) ਅਤੇ ਅਮਰੀਕਾ ਭਰ ਦੀਆਂ ਹੋਰ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਇਹ ਘਟਨਾ 28 ਅਕਤੂਬਰ ਦੀ ਰਾਤ 11:50 ਵਜੇ ਵਾਪਰੀ। ਹਮਲਾਵਰਾਂ ਨੇ ਸ. ਰੰਧਾਵਾ ਦੇ ਘਰ ਬਾਹਰ ਖੜ੍ਹੀ ‘ਟੀਮ ਸ਼ਹੀਦ ਨਿੱਝਰ’ ਦੀ ਬੱਸ ਉੱਤੇ ਸਪਰੇਅ ਪੇਂਟ ਕੀਤਾ ਅਤੇ ਉਨ੍ਹਾਂ ਦੀ ਨਿੱਜੀ ਕਾਰ ਨੂੰ ਅੱਗ ਲਗਾ ਦਿੱਤੀ। ਸਿੱਖ ਆਗੂਆਂ ਨੇ ਕੈਨੇਡੀਅਨ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਇਸ ਹਮਲੇ ਦੀ ਡੂੰਘਾਈ ਅਤੇ ਨਿਰਪੱਖਤਾ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇ।
ਪੰਥਕ ਜਥੇਬੰਦੀਆਂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਨਾਲ ਵਿਦੇਸ਼ਾ ਵਿਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਹੋਈਆਂ ਹਨ। ਆਗੂਆਂ ਨੇ ਯੂਕੇ ਵਿੱਚ ਭਾਈ ਅਵਤਾਰ ਸਿੰਘ ਖੰਡਾ ਦੀ ਭੇਦਭਰੀ ਮੌਤ, ਪਾਕਿਸਤਾਨ ਵਿੱਚ ਭਾਈ ਪਰਮਜੀਤ ਸਿੰਘ ਪੰਜਵੜ ਦੇ ਕਤਲ ਅਤੇ ਕੈਨੇਡਾ ਵਿੱਚ ਸ਼ਹੀਦ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਹਵਾਲਾ ਦਿੰਦਿਆਂ ਇਨ੍ਹਾਂ ਘਟਨਾਵਾਂ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਹੋਣ ਦਾ ਦੋਸ਼ ਲਗਾਇਆ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ਸਰਕਾਰ ਪਹਿਲਾਂ ਹੀ ਨਿੱਝਰ ਕਤਲ ਮਾਮਲੇ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ ਬਾਰੇ ਗੰਭੀਰ ਖੁਲਾਸੇ ਕਰ ਚੁੱਕੀ ਹੈ। ਇਸੇ ਤਰ੍ਹਾਂ ਅਮਰੀਕਾ ਵਿੱਚ ਗੁਰਪਤਵੰਤ ਸਿੰਘ ਪੰਨੂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਵਿੱਚ ਨਿਖਿਲ ਗੁਪਤਾ ਨੇ ਫਰਵਰੀ 2026 ਵਿੱਚ ਦੋਸ਼ ਕਬੂਲ ਲਏ ਹਨ, ਜਿਸਨੂੰ ਅਮਰੀਕੀ ਨਿਆਂ ਵਿਭਾਗ ਨੇ ਭਾਰਤੀ ਸਰਕਾਰੀ ਕਰਮਚਾਰੀ ਦੇ ਨਿਰਦੇਸ਼ਾਂ ਨਾਲ ਜੋੜਿਆ ਹੈ।

ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ-ਕੋਸਟ ਦੇ ਕੋਆਰਡੀਨੇਟਰ ਸ. ਹਿੰਮਤ ਸਿੰਘ, ਏ.ਜੀ.ਪੀ.ਸੀ. ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਅਤੇ ਮੀਡੀਆ ਸਪੋਕਸਮੈਨ ਸ. ਹਰਜਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਅਜਿਹੇ ਹਮਲਿਆਂ ਅਤੇ ਧਮਕੀਆਂ ਰਾਹੀਂ ਪੰਜਾਬ ਦੀ ਆਜ਼ਾਦੀ ਅਤੇ ਸਵੈ-ਨਿਰਣੇ ਦੇ ਹੱਕ ਲਈ ਉੱਠ ਰਹੀ ਸਿੱਖ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਨ੍ਹਾਂ ਧਮਕੀਆਂ ਦਾ ਜਵਾਬ ਹਿੰਸਾ ਨਾਲ ਨਹੀਂ, ਸਗੋਂ ਲੋਕ-ਇਕਜੁੱਟਤਾ, ਸ਼ਾਂਤਮਈ ਸੰਘਰਸ਼ ਅਤੇ ਵੋਟ ਦੀ ਤਾਕਤ ਰਾਹੀਂ ਦੇਵੇਗੀ। ਜਥੇਬੰਦੀਆਂ ਨੇ ਐਲਾਨ ਕੀਤਾ ਕਿ ਉਹ ਸ. ਨਰਿੰਦਰ ਸਿੰਘ ਰੰਧਾਵਾ ਅਤੇ ਇਸ ਸ਼ਾਂਤਮਈ ਸੰਘਰਸ਼ ਨਾਲ ਜੁੜੇ ਹਰ ਸਿੱਖ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਖਾਲਿਸਤਾਨ ਦੀ ਆਜ਼ਾਦੀ ਤੱਕ ਇਹ ਸੰਘਰਸ਼ ਨਿਰੰਤਰ ਜਾਰੀ ਰਹੇਗਾ।