ਅੰਮ੍ਰਿਤਸਰ: ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਰਾਸਤ-ਏ-ਖ਼ਾਲਸਾ ਵਿਖੇ 25-26 ਸਤੰਬਰ ਨੂੰ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਕਮੇਟੀ ਵਲੋਂ ਮਾਂ ਬੋਲੀ ਪੰਜਾਬੀ ਨੂੰ ਵਧੇਰੇ ਪ੍ਰਫੁੱਲਤ ਕਰਨ ਲਈ ਆਯੋਜਿਤ ਕੀਤੇ ਗਏ ਸਮਾਗਮ ਵਿਚ ਵੱਖ-ਵੱਖ ਦੇਸ਼ਾਂ ਅਮਰੀਕਾ, ਕੈਨੇਡਾ, ਜਰਮਨੀ, ਆਸਟ੍ਰੇਲੀਆ ਅਤੇ ਪਾਕਿਸਤਾਨ ਆਦਿ ਤੋਂ ਪੰਜਾਬੀ ਭਾਸ਼ਾ ਦੇ ਮਾਹਿਰ ਵਿਦਵਾਨਾਂ ਅਤੇ ਪੰਜਾਬੀ ਪਿਆਰਿਆਂ ਨੂੰ 25-26 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਵਿਚ ਸੱਦਾ ਦਿੱਤਾ ਗਿਆ ਸੀ, ਪਰ ਗਵਾਂਢੀ ਦੇਸ਼ ਪਾਕਿਸਤਾਨ ਤੋਂ ਜਨਾਬ ਫਖਰ ਜਮਾਨ ਦੀ ਅਗਵਾਈ ਵਿਚ ਆਉਣ ਵਾਲੇ ਪੰਜਾਬੀ ਭਾਸ਼ਾ ਮਾਹਿਰਾਂ ਦਾ ਉਨ੍ਹਾਂ ਦਿਨਾਂ ਦਾ ਵੀਜ਼ਾ ਨਹੀਂ ਲੱਗ ਸਕਿਆ।

ਉਨ੍ਹਾਂ ਕਿਹਾ ਕਿ ਦੂਸਰਾ ਕਾਰਣ ਪੰਜਾਬ ਸਰਕਾਰ ਵਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਦੀ ਯਾਦ ਵਿਚ ਚੱਪੜਚਿੜੀ ਵਿਖੇ 26 ਜੂਨ ਨੂੰ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਬਹੁਤ ਜਲਦੀ ਹੀ ਇਸ ਸਮਾਗਮ ਵਿਚ ਸ਼ਾਮਿਲ ਹੋਣ ਵਾਲੀਆਂ ਹਸਤੀਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ।